ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਬਾਬਾ ਜੰਗ ਸਿੰਘ ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਵਿਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਸ਼ਹੀਦ ਹੋਏ ਸਨ। ਉਨ੍ਹਾਂ ਦੀ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਬਾਬਾ ਜੰਗ ਸਿੰਘ ਦੀ ਤਸਵੀਰ ਤੋਂ ਪਰਦਾ ਹਟਾਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਭਾਈ ਭੁਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਜੰਗ ਸਿੰਘ ਦੀ ਕੁਰਬਾਨੀ ਸਿੱਖ ਕੌਮ ਅੰਦਰ ਵਿਸ਼ੇਸ਼ ਸਥਾਨ ਰੱਖਦੀ ਹੈ। ਇਸੇ ਕਰਕੇ ਕੌਮ ਵੱਲੋਂ ਉਨ੍ਹਾਂ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ ਗਈ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਸ਼ਹੀਦਾਂ ਦੀ ਦੇਣ ਤੋਂ ਪ੍ਰੇਰਣਾ ਪ੍ਰਾਪਤ ਕਰ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਅਨਮੋਲ ਖਜ਼ਾਨਾ ਹੈ, ਇਥੇ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਕੌਮ ਦੀ ਚੜ੍ਹਦੀ ਕਲਾ ਲਈ ਘਾਲਣਾ ਘਾਲੀ ਹੋਵੇ। ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਨੇ ਕੌਮ ਦੀ ਖ਼ਾਤਰ ਆਪਣਾ ਆਪ ਕੁਰਬਾਨ ਕਰਕੇ ਸਿੱਖ ਕੌਮ ਲਈ ਪੂਰਨੇ ਪਾਏ ਹਨ। ਇਸ ਮੌਕੇ ਬਾਬਾ ਕਰਮਜੀਤ ਸਿੰਘ ਨੇ ਬਾਬਾ ਜੰਗ ਸਿੰਘ ਵੱਲੋਂ ਕੀਤੀ ਗਈ ਕੁਰਬਾਨੀ ਬਾਰੇ ਸੰਗਤ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬਾਨ ਦਾ ਧੰਨਵਾਦ ਕੀਤਾ।ਇਸ ਮੌਕੇ ਵੱਖ-ਵੱਖ ਸੰਪ੍ਰਦਾਵਾਂ ਦੇ ਮੁੱਖੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਿੰਘ ਸਾਹਿਬ ਗਿਆਨੀ ਰਾਮ ਸਿੰਘ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਵਿੰਦਰ ਸਿੰਘ, ਬਾਬਾ ਬਲਦੇਵ ਸਿੰਘ ਮੰਡੀਰਾ ਵਾਲੇ, ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਡਾ. ਅਮਰੀਕ ਸਿੰਘ ਲਤੀਫਪੁਰ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਭਾਈ ਸੁਖਜੀਤ ਸਿੰਘ ਘਨੱਈਆ ਮੌਜੂਦ ਸਨ।