ਅੰਮ੍ਰਿਤਸਰ – ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੀ ਬਾਸ਼ਿੰਦੇ ਆਪਣਾ ਕੰਮਕਾਜ ਛੱਡ ਕੇ ਸੜਕਾਂ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦਾ ਮਸਲਾ ਹੱਲ ਕਰਨਾ ਕੇਂਦਰ ਸਰਕਾਰ ਦਾ ਫ਼ਰਜ਼ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਆਪਣੇ ਫ਼ਰਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੈਠੇ ਕਿਸਾਨਾਂ ਦੀ ਅਵਾਜ਼ ਪੂਰੇ ਵਿਸ਼ਵ ਤੱਕ ਪੁੱਜੀ ਹੋਈ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਦਿੱਲੀ ਬੈਠੇ ਪ੍ਰਧਾਨ ਮੰਤਰੀ ਨੂੰ ਨਹੀਂ ਸੁਣ ਰਹੀ। ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੇ ਗਏ ਨਿਰਦੇਸ਼ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਸਮੇਤ ਉਨ੍ਹਾਂ ਸਾਰੇ ਸਿੱਖਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਅਤੇ ਹੁਣ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸਰਕਾਰ ਨੂੰ ਆਪਣੇ ਵਚਨ ਨਿਭਾਉਣਾ ਚਾਹੀਦਾ ਹੈ।