ਨਵੀਂ ਦਿੱਲੀ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।ਇਸ ਸੰਬੰਧੀ ਸ੍ਰ ਮਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਸੁਪਰੀਮ ਕੋਰਟ ਵਲੋਂ 4 ਮੈਂਬਰੀ ਕਮੇਟੀ ਵਿੱਚ ਉਹਨਾਂ ਨੂੰ ਸ਼ਾਮਿਲ ਕਰਨ ਲਈ ਧੰਨਵਾਦੀ ਹਨ ਪਰੰਤੂ ਖੁਦ ਇੱਕ ਕਿਸਾਨ ਅਤੇ ਯੂਨੀਅਨ ਆਗੂ ਹੋਣ ਕਾਰਨ ਅਤੇ ਇਸ ਸੰਬੰਧੀ ਕਿਸਾਨ ਜੱਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਜਾਹਿਰ ਕੀਤੀਆਂ ਗਈਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਨੇ ਇਸ ਕਮੇਟੀ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਹੈ ਕਿ ਉਹ ਕਿਸਾਨਾਂ ਅਤੇ ਪੰਜਾਬ ਦੇ ਹਿਤਾਂ ਨਾਲ ਕੋਈ ਵੀ ਸਮਝੌਤਾ ਨਹੀਂ ਕਰ ਸਕਦੇ ਅਤੇ ਖੁਦ ਨੂੰ ਇਸ ਕਮੇਟੀ ਤੋਂ ਵੱਖ ਕਰਦੇ ਹਨ। ਜਿਕਰਯੋਗ ਹੈ ਕਿ ਭੁਪਿੰਦਰ ਸਿੰਘ ਮਾਨ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ।ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਿਸਾਨੀ ਮੁੱਦੇ ਦੇ ਹੱਲ ਲਈ ਜਿਹੜੀ ਕਮੇਟੀ ਦਾ ਗਠਨ ਕੀਤਾ ਹੈ, ਉਸ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਹੋ ਰਿਹਾ ਹੈ। ਇਸ ਕਮੇਟੀ ਵਿੱਚ ਭੁਪਿੰਦਰ ਸਿੰਘ ਮਾਨ ਤੋਂ ਇਲਾਵਾ ਅਨਿਲ ਘਨਵਟ, ਅਸ਼ੋਕ ਗੁਲਾਟੀ, ਡਾ. ਪੀ. ਕੇ. ਜੋਸ਼ੀ ਦੇ ਨਾਮ ਸ਼ਾਮਲ ਕੀਤੇ ਗਏ ਸਨ।