ਅੰਮ੍ਰਿਤਸਰ – ਗੁਰਬਾਣੀ ਕੀਰਤਨ ਅਤੇ ਰੌਸ਼ਨੀਆਂ ਨਾਲ ਭਰਪੂਰ ਪਵਿਤਰ ਅਸਥਾਨ (ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੇ ਡੂੰਘੇ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਣ ਤੋਂ ਬਹੁਤ ਪ੍ਰਭਾਵਤ ਹੋਇਆ ਹਾਂ। ਇਹ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਨੇ ਯਾਤਰੂ ਕਿਤਾਬ ਵਿਚ ਆਪਣੀਆਂ ਭਾਵਨਾਵਾਂ ਦਰਜ ਕਰਕੇ ਕੀਤਾ। ਉਹ ਅੱਜ ਇਥੇ ਆਪਣੀ ਪਤਨੀ ਸਮੇਤ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਜਾ ਕੇ ਲੰਗਰ ਤਿਆਰ ਹੁੰਦਾ ਵੇਖ ਕੇ ਖੁਸ਼ੀ ਜ਼ਾਹਰ ਕੀਤੀ ਅਤੇ ਪਰਿਕਰਮਾਂ ਕਰਦਿਆਂ ਸ੍ਰੀ ਦਰਬਾਰ ਸਾਹਿਬ ਅਤੇ ਇਸ ਨਾਲ ਸਬੰਧਤ ਅਸਥਾਨਾਂ ਦਾ ਇਤਿਹਾਸ ਜਾਣਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ। ਇਸ ਮੌਕੇ ਅੰਬੈਸਡਰ ਈਮੈਨੁਅਲ ਲੇਨੈਨ ਤੇ ਉਨ੍ਹਾਂ ਦੀ ਪਤਨੀ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸ. ਹਰਿੰਦਰ ਸਿੰਘ ਰੋਮੀ, ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।