ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨਾਲ ਕੀਤਾ ਵਿਚਾਰ ਵਟਾਂਦਰਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪ੍ਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਬਾਰੇ ਫੈਸਲਾ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਕਰਨ ਲਈ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾਂ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਲੰਗਰ ਲਈ ਭਾਫ ਵਿਧੀ ਦੀ ਵਰਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਕੀਤੀ ਜਾਵੇਗੀ। ਇਸ ਮਗਰੋਂ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਫ ਦੁਆਰਾ ਲੰਗਰ ਤਿਆਰ ਕਰਨ ਨਾਲ ਬਾਲਣ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਦੂਸ਼ਣ ਵੀ ਘਟੇਗਾ ਅਤੇ ਲੰਗਰ ਬਣਾੳਣਿ ਲਈ ਸਮੇਂ ਦੀ ਵੀ ਬਚਤ ਹੋਵੇਗੀ। ਇਸੇ ਦੌਰਾਨ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਭਾਫ ਵਿਧੀ ਦੁਆਰਾ ਲੰਗਰ ਤਿਆਰ ਕਰਨ ਨਾਲ ਸਵਾਦ ਅਤੇ ਪੌਸ਼ਟਿਕਤਾ ਬਰਕਰਾਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਰਾੜਾ ਸਾਹਿਬ ਵਿਖੇ ਲੰਗਰ ਤਿਆਰ ਕਰਨ ਲਈ ਪਿਛਲੇ 10 ਸਾਲਾ ਤੋਂ ਇਹ ਵਿਧੀ ਅਪਨਾਈ ਜਾ ਰਹੀ ਹੈ। ਪਹਿਲਾਂ ਪਹਿਲ ਇਹ ਤਕਨੀਕ ਜ਼ਿਆਦਾ ਵਿਕਸਿਤ ਨਹੀਂ ਸੀ, ਪਰੰਤੂ ਹੁਣ ਇਸ ਵਿਚ ਕਾਫ਼ੀ ਸੁਧਾਰ ਹੋ ਚੁੱਕਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਭਾਫ ਸਿਸਟਮ ਲਗਾਉਣ ਲਈ ਜਰਮਨੀ ਤੋਂ ਸਮਾਨ ਲਿਆਂਦਾ ਜਾਵੇਗਾ ਅਤੇ ਇਸ ਕਾਰਜ ਲਈ ਕੁਝ ਮਹੀਨੇ ਲੱਗਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਗੁਰੂ ਕੇ ਲੰਗਰਾਂ ਲਈ ਸੇਵਾਵਾਂ ਦਾ ਹਿੱਸਾ ਬਨਾਉੇਣ ਲਈ ਧੰਨਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨਾਲ ਇਕੱਤਰਤਾ ਕਰਨ ਮੌਕੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।