ਅੰਮ੍ਰਿਤਸਰ – ਸਾਹਿਬੇ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 20 ਜਨਵਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਭਲਕੇ 19 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਬਜ਼ਾਰ ਲੋਹਾਰਾਂ, ਲਛਮਣਸਰ ਚੌਂਕ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 20 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਉਪਰੰਤ ਦੀਵਾਨ ਸੱਜਣਗੇ। ਦੁਪਹਿਰ 1 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੀਕ ਕਵੀ ਦਰਬਾਰ ਹੋਵੇਗਾ, ਜਿਸ ਵਿਚ ਕਵੀਆਂ ਵੱਲੋਂ ਦਸਮ ਪਾਤਸ਼ਾਹ ਜੀ ਦੇ ਜੀਵਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।