ਨਵੀਂ ਦਿੱਲੀ – ਕਾਂਗਰਸ ਦੀ ਆਪਣੀ ਨੀਤੀ ਬਣਾਉਣ ਵਾਲੀ ਇਕਾਈ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ.) ਦੀ ਮੀਟਿੰਗ ਹੋਈ, ਜਿਸਦੀ ਅਗਵਾਈ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ। ਇਸ ਦੌਰਾਨ ਸੋਨੀਆ ਗਾਂਧੀ ਨੇ ‘ਰੀਪਬਲਿਕ ਟੀ.ਵ.’ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵਟਸਐਪ ਚੈਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਜਿਆਂ ਨੂੰ ਦੇਸ਼-ਭਗਤੀ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਵੰਡਣ ਵਾਲੇ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ। ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਉੱਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਕ ਹਫਤੇ ਵਿੱਚ ਸੰਸਦ ਸੈਂਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਹ ਬਜਟ ਸੈਸ਼ਨ ਹੈ ਪਰ ਜਨਹਿੱਤ ਦੇ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ ਉੱਤੇ ਪੂਰੀ ਤਰ੍ਹਾਂ ਚਰਚਾ ਕੀਤੇ ਜਾਣ ਦੀ ਲੋੜ ਹੈ।ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਸਰਕਾਰ ਨੇ ਗੱਲਬਾਤ ਦੇ ਨਾਮ ਉੱਤੇ ਹੈਰਾਨ ਕਰਨ ਵਾਲੀ ਅਸੰਵੇਦਨਸ਼ੀਲਤਾ ਅਤੇ ਹੰਕਾਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕਾਨੂੰਨ ਜਲਦਬਾਜ਼ੀ ਵਿੱਚ ਬਣਾਏ ਗਏ ਅਤੇ ਸੰਸਦ ਨੂੰ ਇਨ੍ਹਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਅਸੀਂ ਇਨ੍ਹਾਂ ਕਾਨੂੰਨਾਂ ਨੂੰ ਖਾਰਜ ਕਰਦੇ ਹਾਂ ਕਿਉਂਕਿ ਇਹ ਖੁਰਾਕ ਸੁਰੱਖਿਆ ਦੀਆਂ ਬੁਨਿਆਦਾਂ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਅਰਥਵਿਵਸਥਾ ਦੀ ਹਾਲਤ ਨੂੰ ਲੈ ਕੇ ਵੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸਰਕਾਰ ਨਿੱਜੀਕਰਣ ਨੂੰ ਲੈ ਕੇ ਜਲਦਬਾਜ਼ੀ ਵਿੱਚ ਹੈ। ਸੀ.ਡਬਲਯੂ.ਸੀ. ਦੀ ਇਸ ਡਿਜੀਟਲ ਮੀਟਿੰਗ ਵਿੱਚ ਇਹ ਵੀ ਸਾਫ ਹੋ ਗਿਆ ਕਿ ਕਾਂਗਰਸ ਵਿੱਚ ਪ੍ਰਧਾਨ ਦੇ ਅਹੁਦੇ ਦੀ ਚੋਣ ਇਸੇ ਸਾਲ ਮਈ ਵਿੱਚ ਹੋਵੇਗੀ।