ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਵੱਲੋਂ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ
ਚੰਡੀਗੜ੍ਹ – ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੀਬ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕੀਤੀ।ਇੱਥੋਂ ਦੇ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਬਹੁਤ ਹੀ ਢੁਕਵੇਂ ਮਾਹੌਲ ਵਿੱਚ ਲੰਮਾ ਸਮਾਂ ਚੱਲੀ ਮੀਟਿੰਗ ਦੌਰਾਨ ਤਿੰਨ ਮੈਂਬਰੀ ਕਮੇਟੀ ਨੇ ਵੱਖੋ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਵੱਖੋ-ਵੱਖ ਗੱਲਬਾਤ ਕੀਤੀ ਅਤੇ ਇਤਰਾਜ਼ ਦਰਜ ਕਰਵਾਏ।ਇਸ ਸਬੰਧੀ ਗੱਲਬਾਤ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਿਸਾਨਾਂ ਦੇ ਆਪਣੇ ਇਤਰਾਜ਼ ਕਮੇਟੀ ਅੱਗੇ ਦਰਜ ਕਰਵਾ ਦਿੱਤੇ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਅਤੇ ਤੌਖ਼ਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।ਕਮੇਟੀ ਦੇ ਚੇਅਰਮੈਨ ਸ੍ਰੀ ਸਿੰਗਲਾ ਤੋਂ ਇਲਾਵਾ ਮੈਂਬਰਾਂ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਤੇ ਮੁੜ ਵਸੇਬਾ ਸ੍ਰੀ ਵਿਸ਼ਵਜੀਤ ਖੰਨਾ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਸ੍ਰੀ ਅਨਿਰੁਧ ਤਿਵਾੜੀ ਦੀ ਥਾਂ ‘ਤੇ ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰੀਸ਼ ਨਈਅਰ ਸ਼ਾਮਲ ਹੋਏ।