ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਸਰਧਾਰੀ ਵਿਦਿਆਰਥੀਆਂ ਨੂੰ ਅੱਜ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਗਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 2636 ਵਿਦਿਆਰਥੀਆਂ ਨੂੰ ਵਿਦਿਅਕ ਸੈਸ਼ਨ 2020-2021 ਲਈ ਇਹ ਵਜ਼ੀਫ਼ੇ ਪ੍ਰਦਾਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਛੇਵੀਂ ਤੋਂ ਦੱਸਵੀਂ ਤੱਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੱਕ 5000 ਰੁਪਏ, ਗ੍ਰੈਜੂਏਸ਼ਨ ਪੱਧਰ ਲਈ 8000 ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਲਈ 10000 ਰੁਪਏ ਦੀ ਵਜ਼ੀਫ਼ਾ ਰਾਸ਼ੀ ਹਰ ਸਾਲ ਦਿੱਤੀ ਜਾਂਦੀ ਹੈ। ਵਜ਼ੀਫ਼ਾ ਵੰਡ ਸਮਾਗਮ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਹ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਦੇ ਨਾਲ-ਨਾਲ ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੌ ਤੋਂ ਵੱਧ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਸਾਲ ਦੀ 1 ਕਰੋੜ 31 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਨੌਜੁਆਨ ਪੀੜ੍ਹੀ ਨੂੰ ਸਿੱਖੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ ਅਤੇ ਸਿਧਾਂਤਾਂ ਪ੍ਰਤੀ ਜਾਗਰੂਕ ਕਰਨ ਲਈ ਨਾ ਕੇਵਲ ਯਤਨ ਜਾਰੀ ਰੱਖੇ ਜਾਣਗੇ, ਸਗੋਂ ਹੋਰ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਅੰਮ੍ਰਿਤ ਦੀ ਵੱਡੀ ਮਹਾਨਤਾ ਹੈ ਅਤੇ ਹਰ ਇਕ ਨੂੰ ਇਹ ਦਾਤ ਪ੍ਰਾਪਤ ਕਰਨੀ ਚਾਹੀਦੀ ਹੈ। ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਨਾਲ ਹੋਰਨਾਂ ਨੂੰ ਵੀ ਗੁਰੂ ਬਖ਼ਸ਼ਿਸ਼ ਅੰਮ੍ਰਿਤ ਛਕਣ ਲਈ ਪ੍ਰੇਰਣਾ ਮਿਲੇਗੀ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰਾਂ ਵਾਰਾਂ ਤੇ ਕਵਿਤਾਵਾਂ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਯੂਥ ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਹਾਇਕ ਡਾਇਰੈਕਟਰ ਪ੍ਰਿੰ: ਸਤਵੰਤ ਕੌਰ, ਸ. ਭਗਵਾਨ ਸਿੰਘ ਜੌਹਲ, ਡਾ. ਸੁਖਬੀਰ ਸਿੰਘ, ਸ. ਇੰਦਰਪਾਲ ਸਿੰਘ ਸਟੱਡੀ ਸਰਕਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।