ਏਡੀਸੀ ਨੇ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਸੰਜੀਦਾ ਯਤਨ ਕਰਨ ਲਈ ਪ੍ਰੇਰਿਆ
ਜਲੰਧਰ – ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਦੋ ਮਿੰਟ ਦਾ ਮੌਨ ਧਾਰਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵੇਰੇ 11.00 ਵਜੇ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਸਿਵਲ, ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਹੋਰ ਅਧਿਕਾਰੀਆਂ ਦੇ ਨਾਲ ਆਜ਼ਾਦੀ ਘੁਲਾਟੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਦੇ ਦਿਨ 30 ਜਨਵਰੀ, 1948 ਨੂੰ ਮਹਾਤਮਾ ਗਾਂਧੀ ਜੀ ਦੀ ਹੱਤਿਆ ਕਰ ਦਿੱਤੀ ਗਈ ਸੀ।ਇਕੱਠ ਨੂੰ ਸੰਬੋਧਨ ਕਰਦਿਆਂ ਏਡੀਸੀ ਨੇ ਕਿਹਾ ਕਿ ਸਾਨੂੰ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ, ਜੋ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸੁਤੰਤਰਤਾ ਸੰਗਰਾਮ ਵਿਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੀ ਬਦੌਲਤ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਹੀਦਾਂ ਨੂੰ ਵੱਲੋਂ ਦਿੱਤੇ ਮਹਾਨ ਬਲਿਦਾਨ ਅਤੇ ਹਿੰਮਤ ਲਈ ਉਨ੍ਹਾਂ ਨੂੰ ਸਲਾਮ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਸੁਪਰਡੰਟ ਅਨਿਲ ਕੁਮਾਰ ਕਾਲਾ ਅਤੇ ਵੱਖ ਵੱਖ ਸ਼ਾਖਾਵਾਂ ਦੇ ਕਰਮਚਾਰੀ ਮੌਜੂਦ ਸਨ।