ਅੰਮਿਤਸਰ – ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਜਲਾਲਾਬਾਦ ਵਿਚ ਹੋਏ ਜਾਨਲੇਵਾ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਾਂਗਰਸ ਦੀ ਬੌਖਲਾਹਟ ਦਾ ਨਤੀਜਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ ਕਿ ਅੱਜ ਜਦੋਂ ਨਗਰ ਕੌਂਸਲ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਰਹੇ ਸਨ, ਤਾਂ ਉਸ ਵੇਲੇ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਕਾਂਗਰਸੀ ਆਗੂਆਂ ਦੀ ਸ਼ਹਿ ਪ੍ਰਾਪਤ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕਰਨਾ ਸਿੱਧਾ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹਾਲਾਤਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੇ ਸਿੱਧ ਕੀਤਾ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਂਗਰਸੀ ਲੋਕਾਂ ਨੇ ਆਪਣੇ ਹੱਥ ਵਿਚ ਲਈ ਹੋਈ ਹੈ। ਉਨ੍ਹਾਂ ਕਿਹਾ ਕਿ ਇਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਕਰਕੇ ਕਾਂਗਰਸ ਵੱੱਲੋਂ ਨਗਰ ਕੌਂਸਲ ਚੋਣਾਂ ’ਚ ਆਪਣੀ ਨੈਤਿਕ ਹਾਰ ਮੰਨਦਿਆਂ ਵਿਰੋਧੀ ਉਮੀਦਵਾਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਕੂਮਤ ਆਪਣੀ ਕਾਰਗੁਜ਼ਾਰੀ ਦੇ ਅਧਾਰ ’ਤੇ ਲੋਕਾਂ ਕੋਲੋਂ ਵੋਟਾਂ ਮੰਗ ਜੋਗੀ ਤੇ ਰਹੀ ਨਹੀਂ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਕੇ ਚੋਣਾਂ ਨੂੰ ਗੁੰਡਾਗਰਦੀ ਨਾਲ ਜਿੱਤਣ ਦੀ ਅਸਫ਼ਲ ਕੋਸ਼ਿਸ਼ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਵੇਲੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠੇ ਹਨ, ਉਸ ਵੇਲੇ ਪੰਜਾਬ ’ਚ ਨਗਰ ਕੌਂਸਲ ਚੋਣਾਂ ਰੱਖਣੀਆਂ ਹੀ ਗ਼ਲਤ ਹੈ।