ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰਿ ਕੀ ਪਓੜੀ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨੀ ਗੋਦੜੀ ਸਾਹਿਬ ਦੀ ਸਥਾਪਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲਦ ਹੀ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਮਿਲੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬ ਨੂੰ ਲੈ ਕੇ ਬਣੀ ਸਬ-ਕਮੇਟੀ ਦੀ ਇਕੱਤਰਤਾ ਮਗਰੋਂ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਦੀ ਯਾਦ ਵਿਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਜਾਰੀ ਹਨ। ਇਸ ਤਹਿਤ ਹੀ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਉਹ ਖ਼ੁਦ (ਬੀਬੀ ਜਗੀਰ ਕੌਰ) ਵੀ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਸਿੱਖ ਸੰਪ੍ਰਦਾਵਾਂ ਦੇ ਆਗੂ ਵੀ ਇਸ ਦਾ ਹਿੱਸਾ ਹੋਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲਬਾਤ ਸਬੰਧੀ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਕਾਂਸ਼ੀਪੁਰ ਤੋਂ ਮੈਂਬਰ ਸ. ਹਰਭਜਨ ਸਿੰਘ ਚੀਮਾ ਨੂੰ ਵੀ ਮੁੱਖ ਮੰਤਰੀ ਤੋਂ ਸਮਾਂ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਅਗਲੀ ਕਾਰਵਾਈ ਜਲਦ ਸੰਭਵ ਹੋ ਸਕੇ।ਗੁਰਦੁਆਰਾ ਗਿਆਨ ਗੋਦੜੀ ਸਬੰਧੀ ਅੱਜ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਉਦਾਸੀ ਸੰਪ੍ਰਦਾ ਵੱਲੋਂ ਬਾਬਾ ਗਿਆਨ ਦੇਵ ਸਿੰਘ, ਬਾਬਾ ਜਗਜੀਤ ਸਿੰਘ ਲੋਪੋਂ ਨਿਰਮਲੇ ਸੰਪ੍ਰਦਾ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਦਿੱਲੀ ਕਮੇਟੀ ਦੇ ਪ੍ਰਤੀਨਿਧ ਸ. ਜਤਿੰਦਰਪਾਲ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।