ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਐਸ. ਕ੍ਰਿਸ਼ਨਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਾਵਨ ਅਸਥਾਨ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਐਸ ਕ੍ਰਿਸ਼ਨਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਸ. ਮੁਖਤਾਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਐਸ ਕ੍ਰਿਸ਼ਨਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਧਿਆਤਮਕ ਅਗਵਾਈ ਦੇਣ ਵਾਲੇ ਮਹਾਨ ਅਸਥਾਨ ਹੈ ਅਤੇ ਉਨ੍ਹਾਂ ਨੂੰ ਇਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਲੋਕਾਂ ਨੂੰ ਲੰਮੇ ਅਰਸੇ ਤੋਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਇਸ ਬੈਂਕ ਵੱਲੋਂ ਗੁਰੂ ਘਰ ਦੇ ਕਾਰਜਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਂਦੀ ਹੈ। ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਈ.ਡੀ. ਸ੍ਰੀ ਅਜੀਤ ਕੁਮਾਰ ਦਾਸ, ਜੀਐਮਸੀ ਸ੍ਰੀ ਰਵੀ ਮਹਿਰਾ, ਮੈਨੇਜਰ ਸ. ਕਰਮਜੀਤ ਸਿੰਘ ਤੇ ਸ. ਅਮਨਦੀਪ ਸਿੰਘ ਵੀ ਮੌਜੂਦ ਸਨ।