ਮਾਲ ਰਿਕਾਰਡ ਦੀ ਅਪਡੇਸ਼ਨ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਕੀਤੀ ਸਮੀਖਿਆ
ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਪਾਸੋਂ ਰਿਕਵਰੀ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਢਿੱਲ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਰਿਕਵਰੀ, ਮਾਲ ਰਿਕਾਰਡ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕਰਨ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਅਧਿਕਾਰੀ ਰਾਜ ਸਰਕਾਰ ਦੇ ਮਾਲੀਏ ਨੂੰ ਵਧਾਉਣ ਲਈ ਸਮੁੱਚੀ ਰਿਕਵਰੀ ਕਰਨ ਨੂੰ ਪਹਿਲੀ ਤਰਜੀਹ ਦੇਣ ।ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਰਿਕਵਰੀ ਨਾਲ ਸਬੰਧਤ ਮਾਮਲਿਆਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਇਸ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦੀ ਮੁਕੰਮਲ ਕੀਤੀ ਜਾਵੇ।ਥੋਰੀ ਨੇ ਕਿਹਾ ਕਿ ਕਿਸੇ ਵਿੱਲਫੁੱਲ ਡਿਫਾਲਟਰ ਨੂੰ ਬਖਸ਼ਿਆ ਨਾ ਜਾਵੇ ਅਤੇ ਅਜਿਹੇ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵਿਲਫੁੱਲ ਡਿਫਾਲਟਰਾਂ ਪਾਸੋਂ ਬਕਾਏ ਦੀ ਰਿਕਵਰੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਉਣ ਦੀ ਲੋੜ ਹੈ।ਉਨ੍ਹਾਂ ਇਹ ਵੀ ਕਿਹਾ ਕਿ ਵਿਲਫੁੱਲ ਡਿਫਾਲਟਰਾਂ ਨੂੰ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਤੋਂ ਜਲਦੀ ਤੋਂ ਜਲਦੀ ਬਕਾਇਆ ਰਾਸ਼ੀ ਦੀ ਰਿਕਵਰੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਸਮੁੱਚਾ ਮਾਲ ਰਿਕਾਰਡ ਅਪਡੇਟ ਕਰਨ ਅਤੇ ਈ-ਕੋਰਟ ਮੈਨੇਜਮੈਂਟ ਸਿਸਟਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਿਹਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ, ਵਿਨੀਤ ਕੁਮਾਰ ਤੇ ਸੰਜੀਵ ਕੁਮਾਰ ਸ਼ਰਮਾ ਅਤੇ ਹੋਰ ਮੌਜੂਦ ਸਨ।