ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਜ ਐਸ.ਡੀ.ਐਮਜ਼. ਨੂੰ 10-10 ਹਜ਼ਾਰ ਰੁਪਏ ਜਾਰੀ
ਜਲੰਧਰ – ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਿਲਣ ਵਾਲੀ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਵਾਸਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਜਲੰਧਰ ਪਿਛਲੇ ਇੱਕ ਮਹੀਨੇ ਵਿੱਚ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਕਵਰ ਕਰ ਕੇ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਅੱਜ ਪ੍ਰਾਪਤ ਹੋਈ ਤਾਜ਼ਾ ਰਿਪੋਰਟ ਅਨੁਸਾਰ ਜਲੰਧਰ ਨੇ 6 ਜਨਵਰੀ, 2021 ਤੋਂ 11 ਫਰਵਰੀ 2021 ਤੱਕ ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 23,913 ਪਰਿਵਾਰਾਂ ਨੂੰ ਕਵਰ ਕਰ ਕੇ ਪੰਜਾਬ ਵਿੱਚੋਂ ਸਰਬਓਤਮ ਸਥਾਨ ਹਾਸਲ ਕੀਤਾ ਹੈ ।ਇਸ ਯੋਜਨਾ ਅਧੀਨ ਨਿਯੁਕਤ ਕੀਤੀ ਪੂਰੀ ਟੀਮ ਨੂੰ ਉਨ੍ਹਾਂ ਵੱਲੋਂ ਕੀਤੀ ਸਖ਼ਤ ਮਿਹਨਤ ਲਈ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪੰਜ ਸਬ-ਡਵੀਜ਼ਨਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਵਿੱਚੋਂ ਹਰੇਕ ਨੂੰ ਆਪਣੇ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਉਣ ਲਈ 10,000 ਰੁਪਏ ਵਿੱਤੀ ਸਹਾਇਤਾ ਵਜੋਂ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਾਰੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਦੀ ਗਤੀ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਲੋਕਾਂ ਵਿੱਚ ਜਾਗਰੂਕਤਾ ਪੈਂਫਲੈੱਟ/ਪੋਸਟਰ ਵੰਡਣ ਲਈ ਵੀ ਕਿਹਾ।ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ, ਲੇਬਰ ਅਤੇ ਆਬਕਾਰੀ ਵਿਭਾਗਾਂ ਤੋਂ ਇਲਾਵਾ 25 ਕੈਂਪ ਰੋਜ਼ਾਨਾ ਵੱਖਰੇ ਤੌਰ ‘ਤੇ ਲਗਾਏ ਜਾ ਰਹੇ ਹਨ ਅਤੇ ਕਾਮਨ ਸਰਵਿਸ ਸੈਂਟਰ ਵੱਲੋਂ ਵੀ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰੀ ਆਬਾਦੀ ਵੱਲ ਧਿਆਨ ਕੇਂਦਰਤ ਕਰਨ ਅਤੇ ਕੈਂਪਾਂ ਦਾ ਸ਼ਡਿਊਲ ਤਿਆਰ ਕਰਨ ਲਈ ਨਗਰ ਕੌਂਸਲਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ।ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਨਕਲਾਬੀ ਸਕੀਮ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਇਸ ਸਕੀਮ ਅਧੀਨ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਤੋਂ 5 ਲੱਖ ਰੁਪਏ ਦੇ ਕੈਸ਼ਲੈੱਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚਲੀਆਂ ਸਮੁੱਚੀਆਂ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 57 ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ ਸੂਚੀ sha.punjab.gov.in ‘ਤੇ ਦੇਖੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਐਫਐਸਏ ਰਾਸ਼ਨ ਕਾਰਡ ਰੱਖਣ ਵਾਲੇ ਲੋਕ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਪੱਤਰਕਾਰ ਅਤੇ ਜੇ-ਫਾਰਮ ਹੋਲਡਰ ਕਿਸਾਨ ਇਸ ਸਕੀਮ ਅਧੀਨ ਯੋਗ ਹਨ ਅਤੇ ਲਾਭਪਾਤਰੀ ਆਪਣੀ ਯੋਗਤਾ sha.punjab.gov.in ‘ਤੇ ਚੈੱਕ ਕਰ ਸਕਦੇ ਹਨ। ਜਦਕਿ ਸਮਾਜਿਕ-ਆਰਥਿਕ ਜਾਤੀ ਮਰਦਮਸ਼ੁਮਾਰੀ 2011 ਅਨੁਸਾਰ ਸਮੂਹ ਪੀ.ਐੱਮ.ਜੇ.ਏ. ਪਰਿਵਾਰ (ਨੀਲੇ ਕਾਰਡ ਧਾਰਕ ਪਰਿਵਾਰ) bis.pmjay.gov.in ‘ਤੇ ਯੋਗਤਾ ਚੈੱਕ ਕਰ ਸਕਦੇ ਹਨ।ਥੋਰੀ ਨੇ ਸਪੱਸ਼ਟ ਕੀਤਾ ਕਿ ਵੈਂਡਰ ਕੰਪਨੀ ਵੱਲੋਂ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਲਈ 30 ਰੁਪਏ ਦੀ ਨਾਮਾਤਰ ਫੀਸ ਲਈ ਜਾ ਰਹੀ ਹੈ ਜਦਕਿ ਸੀਐਚਸੀ, ਜ਼ਿਲ੍ਹਾ ਹਸਪਤਾਲ ਅਤੇ ਸਬ-ਡਵੀਜ਼ਨਲ ਹਸਪਤਾਲ ਵੱਲੋਂ ਇਹ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਯੂਡੀਆਈਡੀ ਕਾਰਡ ਜਾਰੀ ਕਰਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਇਸ ਯੋਜਨਾ ਅਧੀਨ ਅਰਜ਼ੀਆਂ ਦਾ 100 ਫੀ ਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਅਤੇ ਸਮਾਰਟ ਵਿਲੇਜ ਕੰਪੇਨ ਫੇਜ਼ -2 ਅਧੀਨ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਮੁੱਚੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਹੋਰ ਮੌਜੂਦ ਸਨ।