ਨੌਵੇ ਪਾਤਸ਼ਾਹ ਦੀ ਸ਼ਹਾਦਤ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਜੀਵਤ ਰੱਖਣ ਲਈ ਵੱਡੇ ਮਹੱਤਵ ਵਾਲੀ- ਪ੍ਰੋ. ਬਡੂੰਗਰ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ, ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਸੈਮੀਨਾਰਾਂ ਦੀ ਲੜੀ ਤਹਿਤ ਇਥੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪਹਿਲੇ ਸੈਮੀਨਾਰ ’ਚ ਸ਼ਮੂਲੀਅਤ ਕਰਨ ਸਮੇਂ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸੰਗਤੀ ਰੂਪ ਵਿਚ ਹੋਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦੇਸ਼ ਅੰਦਰ ਵੱਖ-ਵੱਖ 10 ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਦੌਰਾਨ ਪੜ੍ਹੇ ਗਏ ਪਰਚਿਆਂ ਵਿੱਚੋਂ ਚੋਣਵਿਆਂ ਨੂੰ ਕਿਤਾਬੀ ਰੂਪ ਵਿਚ ਸੰਗ੍ਰਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਸਿੱਖਾਂ ਦੇ ਨਾਲ-ਨਾਲ ਪੂਰੇ ਦੇਸ਼ ਵਾਸੀਆਂ ਅਤੇ ਦੁਨੀਆਂ ਭਰ ਵਿਚ ਵੱਸਦੇ ਲੋਕਾਂ ਲਈ ਪ੍ਰੇਰਣਾ ਸਰੋਤ ਹੈ। ਗੁਰੂ ਸਾਹਿਬ ਦੀ ਕੁਰਬਾਨੀ ਨੇ ਦੇਸ਼ ਦੇ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉਘੜਵੀਂ ਮਿਸਾਲ ਕਾਇਮ ਕੀਤੀ ਅਤੇ ਇਸ ਗੱਲ ਨੂੰ ਸਥਾਪਤ ਕੀਤਾ ਕਿ ਕਿਸੇ ਦਾ ਵੀ ਧਰਮ ਜ਼ਬਰੀ ਤਬਦੀਲ ਕਰਨਾ ਇਕ ਵੱਡਾ ਗੁਨਾਹ ਹੈ। ਉਨ੍ਹਾਂ ਦੇਸ਼ ਦੁਨੀਆਂ ਦੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੇ ਬੱਚਿਆਂ ਨੂੰ ਸਿੱਖ ਧਰਮ ਇਤਿਹਾਸ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ। ਸੈਮੀਨਾਰ ਦੌਰਾਨ ਮੁੱਖ ਭਾਸ਼ਣ ਪੇਸ਼ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਜੀਵਤ ਰੱਖਣ ਲਈ ਵੱਡੇ ਮਹੱਤਵ ਵਾਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਪਾਵਨ ਗੁਰਬਾਣੀ ਤੋਂ ਸੰਸਾਰ ਦੇ ਲੋਕਾਂ ਨੂੰ ਬੇਹਤਰ ਜੀਵਨ ਜਿਊਣ ਦੀ ਜੁਗਤ ਸਮਝ ਆਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਅੰਦਰ ਸੰਸਾਰ ਦੀ ਹਰ ਛੋਟੀ ਵੱਡੀ ਸਮੱਸਿਆਂ ਦਾ ਹੱਲ ਮੌਜੂਦ ਹੈ, ਸਿਰਫ਼ ਇਸ ਨੂੰ ਸਮਝਣ ਅਤੇ ਵਿਚਾਰਨ ਦੀ ਲੋੜ ਹੈ।ਇਸ ਮੌਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਆਪਣਾ ਪਰਚਾ ਪੜ੍ਹਦਿਆਂ ਡਾ. ਧਰਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਬ੍ਰਹਿਮੰਡੀ ਸਰੋਕਾਰਾਂ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਜੀਓ ਅਤੇ ਜੀਣ ਦਿਉ ਦੇ ਵਿਚਾਰ ਨੂੰ ਪ੍ਰਸਤੁਤ ਕਰਦੀ ਹੈ। ਨਾ ਡਰਨਾ ਅਤੇ ਨਾ ਹੀ ਡਰਾਉਣਾ ਦਾ ਵਿਚਾਰ ਗੁਰੂ ਸਾਹਿਬ ਜੀ ਦੀ ਬਾਣੀ ਦਾ ਹਾਸਲ ਹੈ। ਇਸ ਤੋਂ ਇਲਾਵਾ ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਪ੍ਰੋ. ਰਵਿੰਦਰ ਕੌਰ ਅਤੇ ਭਾਈ ਮਨਜੋਧ ਸਿੰਘ ਨੇ ਵੀ ਆਪਣੇ ਪਰਚੇ ਪੇਸ਼ ਕੀਤੇ। ਇਸ ਤੋਂ ਪਹਿਲਾਂ ਆਰੰਭਤਾ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੈਮੀਨਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਗੁਰਪ੍ਰੀਤ ਸਿੰਘ ਝੱਬਰ, ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰਸੀ: ਡਾ. ਗਗਨਦੀਪ ਸਿੰਘ, ਡਾ. ਸੁਖਬੀਰ ਸਿੰਘ ਓਐਸਡੀ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਸ. ਭਗਵੰਤ ਸਿੰਘ ਧੰਗੇੜਾ, ਸ. ਵਰਿੰਦਰ ਸਿੰਘ ਠਰੂ, ਸ. ਗੁਰਪ੍ਰੀਤ ਸਿੰਘ ਵਧੀਕ ਮੈਨੇਜਰ ਆਦਿ ਮਜੂਦ ਸਨ।