ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲ 2021-2022 ਦੇ ਬਜਟ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਬਜਟ ਦੇ ਮੱਦੇਨਜ਼ਰ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ, ਅਤੇ ਮੁੱਖ ਲੇਖਾਕਾਰ ਸ. ਮਿਲਖਾ ਸਿੰਘ ਮੌਜੂਦ ਸਨ। ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਇਜਲਾਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਖਰਚਿਆਂ ਅਤੇ ਆਮਦਨ ਬਾਰੇ ਵਿਚਾਰਿਆ ਗਿਆ ਹੈ। ਮੈਨੇਜਰ ਸਾਹਿਬਾਨ ਤੋਂ ਗੁਰਦੁਆਰਾ ਸਾਹਿਬਾਨ ਦੇ ਬਜਟ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਨੂੰ ਲੈ ਕੇ ਅਗਾਊਂ ਵਿਚਾਰ ਵਟਾਂਦਰੇ ਦਾ ਮੰਤਵ ਬਿਹਤਰ ਤਰਜੀਹਾਂ ਨਿਰਧਾਰਤ ਕਰਨਾ ਹੈ। ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਅਕਾਊਂਟੈਂਟ ਸ. ਮਨਜਿੰਦਰਪਾਲ ਸਿੰਘ ਵੀ ਮੌਜੂਦ ਸਨ।