ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ ਵਿਟਾਂਦਰਾ ਕਰਨ ਮਗਰੋਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ 21 ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਇਸ ਤੋਂ ਪਹਿਲਾਂ 19 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਇਸੇ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਮਾਗਮ ਤੋਂ ਇਲਾਵਾ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਹੋਣਗੇ। 20 ਫ਼ਰਵਰੀ ਨੂੰ ਮਾਤਾ ਤੇਜ ਕੌਰ ਅਤੇ ਮਾਤਾ ਇੰਦਰ ਕੌਰ ਜੀ ਨੂੰ ਸਮਰਪਿਤ ਇਸਤਰੀ ਗੁਰਮਤਿ ਸੰਮੇਲਨ ਕਰਵਾਇਆ ਜਾਵੇਗਾ। ਮੁੱਖ ਸਮਾਗਮ 21 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੇਵਰੇ 10:00 ਵਜੇ ਤੋਂ ਲੈ ਕੇ ਸ਼ਾਮ 3:30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਤੋਂ ਇਲਾਵਾ ਸਿੰਘ ਸਾਹਿਬਾਨ, ਵੱਖ-ਵੱਖ ਸੰਪ੍ਰਦਾਵਾਂ ਦੇ ਆਗੂ ਅਤੇ ਪੰਥਕ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਗੁਰਮੀਤ ਸਿੰਘ ਬੂਹ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਮੌਜੂਦ ਸਨ।