ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ
ਅੰਮ੍ਰਿਤਸਰ – ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖ ਕੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਦਾ ਸੈੱਟ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸਿੱਖਾਂ ਨੇ ਕੁਰਬਾਨੀਆਂ ਦੁਆਰਾ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ, ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵੱਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜ਼ਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਸੀ, ਜਿਸ ਮਗਰੋਂ ਮਹਾਤਮਾਂ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਦੇਸ਼ ਭਗਤ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦਾ ਅਧਾਰ ਬਣੇ ਸਿੱਖਾਂ ਦੇ ਇਸ ਕੁਰਬਾਨੀਆਂ ਭਰੇ ਸਾਕਿਆਂ ਨੂੰ ਦਰਸਾਉਂਦੇ ਇਤਿਹਾਸ ਨਾਲ ਸਬੰਧਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਕਿਤਾਬਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਤਾਬਾਂ ਦੇ ਨਾਲ ਦੋਹਾਂ ਆਗੂਆਂ ਨੂੰ ਸਾਕੇ ਦੀ ਇਤਿਹਾਸਕਤਾ ਤੋਂ ਜਾਣੂ ਕਰਵਾਉਂਦੇ ਪੱਤਰ ਵੀ ਭੇਜੇ ਜਾ ਰਹੇ ਹਨ। ਇਹ ਪੱਤਰ ਅਤੇ ਕਿਤਾਬਾਂ ਦੇ ਸੈੱਟ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪੱਧਰ ਦੇ ਅਧਿਕਾਰੀ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਿਤਾਬਾਂ ਭੇਜਣ ਦਾ ਮੰਤਵ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣਾ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ ਹੋ ਰਹੇ ਸਮਾਗਮਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਕਿਉਂ ਜ਼ਰੂਰੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜੇ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ 21 ਫ਼ਰਵਰੀ ਵਾਲੇ ਸਮਾਗਮ ਦਾ ਹਿੱਸਾ ਬਣਨ ਲਈ ਸੰਗਤ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ ਅਤੇ ਹੋਰ ਮੌਜੂਦ ਸਨ।