ਗੁਰਦਾਸਪੁਰ ਦੇ ਗੋਧਰਪੁਰ ’ਚ ਸੌ ਸਾਲਾ ਸਮਾਗਮਾਂ ਸਮੇਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿਸ਼ਾਲ ਪੰਡਾਲ ’ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੁੱਖ ਸਮਾਗਮ ਸਮੇਂ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸਬੰਧਤ ਸ਼ਹੀਦਾਂ ਦੇ 32 ਪਰਿਵਾਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਭਾ-ਸੁਸਾਇਟੀਆਂ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੰਗਤ ਨੂੰ ਆਪਣੇ ਇਤਿਹਾਸ ਦੀ ਸੇਧ ਵਿਚ ਜੀਵਨ ਜਿਊਣ ਲਈ ਪ੍ਰੇਰਿਆ।