ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜਾਵਾਂ-ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕ੍ਰਿਸ਼ਨਾ ਇਨਕਲੇਬ (ਛੇਹਰਟਾ) ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਟਕਾ ਸਾਹਿਬ ਦੀ ਤੌਹੀਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਕਿਸੇ ਵੀ ਤਰ੍ਹਾਂ ਦੋਸ਼ੀਆਂ ਨੂੰ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ।