ਖੰਨਾ – ਸੁਰਾਂ ਦੇ ਸਿਕੰਦਰ, ਸਰਦੂਲ ਸਿਕੰਦਰ, ਜੋ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀ ਗਾਇਕੀ ਦੇ ਸਿਖਰ ‘ਤੇ ਰਹੇ, ਨੇ ਅੱਜ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ।ਕਿਡਨੀ ਟਰਾਂਸਪਲਾਂਟ ਤੋਂ ਬਾਅਦ ਉਹ ਕੋਰੋਨਾ ਪੀੜਤ ਹੋ ਗਏ ਸਨ। ਉਨ੍ਹਾਂ ਦੀ ਮੌਤ ਅੱਜ ਸਵੇਰੇ 10 ਵਜੇ ਦੇ ਕਰੀਬ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਹੋਈ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੂਰੇ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਫੈਲ ਗਈ। ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮ ਤੱਕ ਖੰਨਾ (ਲੁਧਿਆਣਾ) ਵਿਖੇ ਲਿਆਂਦਾ ਜਾਵੇਗਾ ਅਤੇ ਭਲਕੇ ਵੀਰਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਉਨ੍ਹਾਂ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।