ਹਰਿਆਣਾ – ਮਜ਼ਦੂਰ ਅਧਿਕਾਰ ਵਰਕਰ ਨੌਦੀਪ ਕੌਰ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਤੁਰੰਤ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ ਹੈ। ਜੱਜ ਅਵਨੀਸ਼ ਝਿੰਗਨ ਦੀ ਅਦਾਲਤ ਨੇ ਹਰਿਆਣਾ ਪੁਲੀਸ ਨੂੰ ਨੌਦੀਪ ਕੌਰ ਦੀ ਮੈਡੀਕਲ ਰਿਪੋਰਟ ਵੀ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਨੌਦੀਪ ਦੀ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਤੈਅ ਕੀਤੀ ਹੈ।ਫਿਲਹਾਲ ਹਰਿਆਣਾ ਸਰਕਾਰ ਨੇ ਕਥਿਤ ਤੌਰ ਤੇ ਗਲਤ ਤਰੀਕੇ ਨਾਲ ਨੌਦੀਪ ਕੌਰ ਨੂੰ ਰੋਕ ਕੇ ਰੱਖਣ ਨਾਲ ਸੰਬੰਧਤ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਹੈ। ਹਾਈ ਕੋਰਟ ਨੇ ਪਹਿਲਾਂ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਸੀ।ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ (23) ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਪਿਛਲੇ ਮਹੀਨੇ ਸੋਨੀਪਤ ਪੁਲੀਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ ਵਿੱਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ ਵਿੱਚ ਨੌਦੀਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (ਆਈ.ਪੀ.ਸੀ.) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ ਵਿੱਚ ਦੋਸ਼ੀ ਬਣਾਇਆ ਗਿਆ।ਮਜ਼ਦੂਰ ਅਧਿਕਾਰ ਵਰਕਰ ਨੇ ਦਾਅਵਾ ਕੀਤਾ ਕਿ ਮਾਮਲੇ ਵਿੱਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗਲਤ ਤਰੀਕੇ ਨਾਲ ਫਸਾਇਆ ਗਿਆ, ਕਿਉਂਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭਾਰੀ ਸਮਰਥਨ ਜੁਟਾਉਣ ਵਿੱਚ ਕਾਮਯਾਬ ਰਹੀ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਵਾਸੀ ਨੌਦੀਪ ਫ਼ਿਲਹਾਲ ਹਰਿਆਣਾ ਦੀ ਕਰਨਾਲ ਜੇਲ੍ਹ ਵਿੱਚ ਬੰਦ ਹੈ।