ਨਵੀਂ ਦਿੱਲੀ – ਮਜ਼ਦੂਰ ਅਧਿਕਾਰ ਵਰਕਰ ਨੌਦੀਪ ਕੌਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨੌਦੀਪ ਨੂੰ 2 ਮਾਮਲਿਆਂ ਵਿੱਚ ਪਹਿਲਾਂ ਹੀ ਜ਼ਮਾਨਤ ਚੁੱਕੀ ਹੈ। ਅੱਜ ਹਾਈ ਕੋਰਟ ਨੇ ਉਸ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ਵਿੱਚ ਵੀ ਜ਼ਮਾਨਤ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।ਜਿਕਰਯੋਗ ਹੈ ਕਿ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ (23) ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਪਿਛਲੇ ਮਹੀਨੇ ਸੋਨੀਪਤ ਪੁਲੀਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ ਵਿੱਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ ਵਿੱਚ ਨੌਦੀਪ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (ਆਈ.ਪੀ.ਸੀ.) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ ਵਿੱਚ ਦੋਸ਼ੀ ਬਣਾਇਆ ਗਿਆ।ਨੌਦੀਪ ਕੌਰ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗਲਤ ਤਰੀਕੇ ਨਾਲ ਫਸਾਇਆ ਗਿਆ, ਕਿਉਂਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭਾਰੀ ਸਮਰਥਨ ਜੁਟਾਉਣ ਵਿੱਚ ਕਾਮਯਾਬ ਰਹੀ ਸੀ।