ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ, ਜਿਸ ਤਹਿਤ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸੇ ਸਬੰਧ ਵਿਚ ਸਜਾਏ ਗਏ ਦੀਵਾਨ ਅੰਦਰ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮਨਜੀਤ ਸਿੰਘ, ਸ. ਕਾਰਜ ਸਿੰਘ, ਸ. ਹਰਪਾਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਤਿੰਦਰਪਾਲ ਸਿੰਘ, ਸ. ਕਾਬਲ ਸਿੰਘ ਲੋਹਾਰਕਾ ਆਦਿ ਮੌਜੂਦ ਸਨ।