ਮੇਰਠ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦੇ ਵਾਰੰਟ ਕਰਾਰ ਦਿੱਤਾ ਅਤੇ ਨਾਲ ਹੀ 26 ਜਨਵਰੀ ਨੂੰ ਗਣਤੰਤਰ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ’ਚ ਲਾਲ ਕਿਲੇ ’ਤੇ ਹਿੰਸਕ ਘਟਨਾ ਵਾਪਰਨ ਦਾ ਕਥਿਤ ਦੋਸ਼ ਕੇਂਦਰ ਸਰਕਾਰ ’ਤੇ ਮੜ੍ਹਿਆ ਹੈ।ਮੇਰਠ ਵਿੱਚ ‘ਕਿਸਾਨ ਮਹਾਪੰਚਾਇਤ’ ਨੂੰ ਸੰਬੋਧਨ ਮੌਕੇ ਕਿਸਾਨਾਂ ਦੀ ਹਮਾਇਤ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ, ‘ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਹਨ ਅਤੇ ਸਰਕਾਰ ਵੱਲੋਂ ਇਹ ਕਾਨੂੰਨ ਸਿਰਫ ਆਪਣੇ ਪੂੰਜੀਪਤੀ ਮਿੱਤਰਾਂ ਨੂੰ ਲਾਭ ਪਹੁੰਚਾਉਣ ਲਈ ਪਾਸ ਕੀਤੇ ਗਏ ਹਨ।’ ਉਨ੍ਹਾਂ ਕਿਹਾ, ‘ਲਾਲ ਕਿਲਾ ਹਿੰਸਾ ਪਿੱਛੇ ਕੇਂਦਰ ਦਾ ਹੱਥ ਹੈ, ਕਿਸਾਨਾਂ ਦਾ ਨਹੀਂ। ਕਿਸਾਨਾਂ ਨੂੰ ਗੁਮਰਾਹ ਕੀਤਾ ਗਿਆ, ਜੋ ਕਿ ਦਿੱਲੀ ਦੀਆਂ ਸੜਕਾਂ ਤੋਂ ਵਾਕਫ਼ ਨਹੀਂ ਸਨ।’ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਉਹ ਇਸ ਗੱਲ ਤੋਂ ਜਾਣੂ ਹਨ ਕਿ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢਣ ਵਾਲੇ ਦਿਨ ਕੀ ਵਾਪਰਿਆ ਸੀ। ਉਨ੍ਹਾਂ ਕਿਹਾ, ‘ਸਾਡੇ ਦੇਸ਼ ਦੇ ਕਿਸਾਨ ਖੁਸ਼ ਨਹੀਂ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਣੇ ਦਿੱਲੀ ਦੀਆਂ ਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰੇ ਕਰਦਿਆਂ 90 ਤੋਂ ਵੱਧ ਦਿਨ ਹੋ ਚੁੱਕੇ ਹਨ। ਇਨ੍ਹਾਂ ਤਿੰਨ ਮਹੀਨਿਆਂ ਦੌਰਾਨ 250 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਕੇਂਦਰ ਸਰਕਾਰ ਨੇ ਇਸ ਸਬੰਧ ’ਚ ਕੁਝ ਵੀ ਨਹੀਂ ਕੀਤਾ।’ ਕੇਜਰੀਵਾਲ ਨੇ ਕਿਹਾ ਕਿ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਅਜਿਹੇ ‘ਦਮਨ’ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਦੇ ਬਰਤਾਨਵੀ ਹਕੂਮਤ ਦੌਰਾਨ ਵੀ ਨਹੀਂ ਹੋਇਆ।