ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ ਕਰਵਾਉਣ ਲਈ 2 ਮਾਰਚ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰਕੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਬੱਚਿਆਂ ਦੀ ਅਗਲੇਰੀ ਤਿਆਰੀ ਨੂੰ ਰੂਪ ਦੇਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਫਰਵਰੀ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਅਤੇ ਮਾਰਚ ਵਿੱਚ ਹੋਣ ਵਾਲੇ ਸਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੇ ਨਾਲ ਹੀ ਅਗਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਮਾਪਿਆ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।