ਚੰਡੀਗੜ – ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਸ੍ਰੀ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਵਿੱਚ 18 ਸਿੱਧੇ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਦਕਿ 3 ਕਲਰਕਾਂ ਤੇ 9 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ’ਤੇ ਨਿਯੁਕਤ ਕੀਤਾ ਗਿਆ। ਇਸੇ ਤਰਾਂ ਸਿੱਖਿਆ ਵਿਭਾਗ ਵਿੱਚ ਵੀ ਤਰਸ ਦੇ ਅਧਾਰ ’ਤੇ ਵੱਖ ਵੱਖ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਹਨਾਂ ਵਿੱਚ 3 ਅਧਿਆਪਕ, 10 ਕਲਰਕ, 9 ਐਸ.ਐਲ.ਏ ਅਤੇ 26 ਦਰਜਾ -4 ਮੁਲਾਜ਼ਮ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦੋਵਾਂ ਵਿਭਾਗਾਂ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ’ਤੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਪਰਿਵਾਰਾਂ ਵਲੋਂ ਦਰਖਾਸਤਾਂ ਮਿਲਣ ਤੋਂ ਕੁਝ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਵੱਲੋਂ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨਾਂ ਕਿਹਾ ਕਿ ਤਰਸ ਦੇ ਅਧਾਰ ਵਾਲੇ ਬਾਕੀ ਮਾਮਲਿਆਂ ਵਿਚ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਉਨਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਅਪੀਲ ਕੀਤੀ । ਉਨਾਂ ਕਿਹਾ ਕਿ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਸੀ ਜਿਸ ਨੂੰ ਰਾਜ ਸਰਕਾਰ ਨੇ ਭਲੀਭਾਂਤ ਨਿਭਾਇਆ ਅਤੇ ਹੁਣ ਉਹਨਾਂ( ਨਿਯੁਕਤ ਕੀਤੇ ਕਰਮਚਾਰੀਆਂ ) ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਬੰਧਤ ਵਿਭਾਗ ਦੀ ਭਲਾਈ ਲਈ ਸੁਹਿਰਦਤਾ ਨਾਲ ਕੰਮ ਕਰਨ ।ਇਸ ਮੌਕੇ ’ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ, ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ ਅਰੁਨ ਕੁਮਾਰ ਵੀ ਮੌਜੂਦ ਸਨ।