ਅੰਮ੍ਰਿਤਸਰ – ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸ਼ਹੀਦ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਕਾਰਜ ਲਈ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਅਜਿਹੇ ਸਮਾਗਮ ਉਲੀਕਣੇ ਚਾਹੀਦੇ ਹਨ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤ ਨਾਲ ਸਾਂਝਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਤਰਲੋਚਨ ਸਿੰਘ, ਸ. ਅਜੀਤਪਾਲ ਸਿੰਘ ਸ਼ੈਣੀ, ਸ. ਤੇਜਿੰਦਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਸ. ਜਤਿੰਦਰ ਸਿੰਘ ਲਾਲੀ ਸਮੇਤ ਸੰਗਤਾਂ ਮੌਜੂਦ ਸਨ।