ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਸਬੰਧ ’ਚ ਹੋਣ ਵਾਲੇ ਪ੍ਰੋਗਰਾਮਾਂ ਦੀ ਮੂਲ ਭਾਵਨਾ ਲੋਕਾਂ ਦੀ ਸ਼ਮੂਲੀਅਤ ਹੈ ਅਤੇ 130 ਕਰੋੜ ਦੇਸ਼ ਵਾਸੀਆਂ ਨੂੰ ਨਾਲ ਲੈ ਕੇ ਇਹ ਤਿਉਹਾਰ ਮਨਾਵਾਂਗੇ। ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ’ਚ ਹੋਣ ਵਾਲੇ ਪ੍ਰੋਗਰਾਮਾਂ ਅਤੇ ਸਮਾਗਮਾਂ ਦੀ ਰੂਪ-ਰੇਖਾ ਤੈਅ ਕਰਨ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਪਹਿਲੀ ਬੈਠਕ ਨੂੰ ਡਿਜੀਟਲੀ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਦਾ ਇਹ ਤਿਉਹਾਰ ਅਜਿਹਾ ਹੋਣਾ ਚਾਹੀਦਾ ਹੈ ਜਿਸ ’ਚ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਦਾ ਅਹਿਦ ਵੀ ਸ਼ਾਮਲ ਹੋਵੇ। ‘ਇਸ ’ਚ ਸਨਾਤਨ ਭਾਰਤ ਦੇ ਮਾਣ ਦੀ ਝਲਕ ਵੀ ਹੋਵੇ ਅਤੇ ਆਧੁਨਿਕ ਭਾਰਤ ਦੀ ਚਮਕ ਵੀ ਹੋਵੇ।’ ਕਮੇਟੀ ’ਚ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ, ਭਾਰਤ ਦੇ ਚੀਫ਼ ਜਸਟਿਸ ਐੱਸ ਏ ਬੋਬੜੇ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, 28 ਮੁੱਖ ਮੰਤਰੀ, ਲਤਾ ਮੰਗੇਸ਼ਕਰ, ਏ ਆਰ ਰਹਿਮਾਨ, ਨੋਬੇਲ ਪੁਰਸਕਾਰ ਜੇਤੂ ਅਮਰਤਿਆ ਸੇਨ, ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਸਾਰੇ ਕੇਂਦਰੀ ਮੰਤਰੀ, ਕਈ ਰਾਜਪਾਲ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਐੱਨਸੀਪੀ ਆਗੂ ਸ਼ਰਦ ਪਵਾਰ, ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਮਾਇਆਵਤੀ ਆਦਿ ਸ਼ਾਮਲ ਹਨ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਤੋਂ ‘ਡਾਂਡੀ ਮਾਰਚ’ ਨੂੰ ਵੀ ਝੰਡੀ ਦਿਖਾਉਣਗੇ।