ਐੱਸਏਐੱਸ ਨਗਰ (ਮੁਹਾਲੀ), 15 ਮਈ-ਆਖ਼ਰਕਾਰ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਆਪਣੀ ਚੁੱਪੀ ਤੋੜਦਿਆਂ ਪੇਸ਼ਗੀ ਜ਼ਮਾਨਤ ਮਿਲਣ ਮਗਰੋਂ ਮੁਹਾਲੀ ਦੇ ਮਟੌਰ ਥਾਣੇ ਵਿੱਚ ਪਹੁੰਚ ਕੇ ਆਪਣਾ ਪਾਸਪੋਰਟ ਜਮ੍ਹਾਂ ਕਰਵਾ ਦਿੱਤਾ ਹੈ। ਸੈਣੀ ਬੀਤੀ ਦੇਰ ਸ਼ਾਮ ਥਾਣਾ ਮੁਖੀ ਦੇ ਦਫ਼ਤਰ ਵਿੱਚ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਐੱਸਐੱਚਓ ਰਾਜੀਵ ਕੁਮਾਰ ਅੱਗੇ ਪੇਸ਼ ਹੋਏ। ਸਾਬਕਾ ਪੁਲੀਸ ਮੁਖੀ ਨੇ 50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਵੀ ਭਰਿਆ। ਬਚਾਅ ਪੱਖ ਦੇ ਏਪੀਐੱਸ ਦਿਉਲ ਨੇ ਦੱਸਿਆ ਕਿ ਪੁਲੀਸ ਜਦੋਂ ਵੀ ਪੁੱਛਗਿੱਛ ਲਈ ਬੁਲਾਏਗੀ ਤਾਂ ਸੈਣੀ ਹਾਜ਼ਰ ਹੋਣਗੇ। ਜਾਂਚ ਅਧਿਕਾਰੀ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਜਾਂਚ ਮੁਕੰਮਲ ਹੋਣ ਮਗਰੋਂ ਮੀਡੀਆ ਨਾਲ ਗੱਲ ਸਾਂਝੀ ਕੀਤੀ ਜਾਵੇਗੀ। ਸੂਤਰ ਦੱਸਦੇ ਹਨ ਕਿ ਮੁਹਾਲੀ ਪੁਲੀਸ ਹੁਣ ਮਾਮਲੇ ਦੀ ਤਹਿ ਤੱਕ ਜਾਣ ਲਈ ਸੀਬੀਆਈ ਟੀਮ ਨਾਲ ਤਾਲਮੇਲ ਕਰੇਗੀ ਕਿਉਂਕਿ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 2007 ਵਿੱਚ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਜੁਲਾਈ 2008 ਨੂੰ ਸੁਪਰੀਮ ਕੋਰਟ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਸੀ।