ਅੰਮ੍ਰਿਤਸਰ – ਨਾਨਕਸ਼ਾਹੀ ਸੰਮਤ 553 ਦੀ ਸ਼ੁਰੂਆਤ ਮੌਕੇ ਸਾਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦਾ ਅਨੰਦ ਮਾਣਿਆ। ਇਸੇ ਦੌਰਾਨ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਦੱਸਣਯੋਗ ਹੈ ਕਿ ਹਰ ਸਾਲ ਨਾਨਕਸ਼ਾਹੀ ਸੰਮਤ ਅਨੁਸਾਰ ਨਵੇਂ ਵਰ੍ਹੇ ਦੀ ਆਮਦ ਨੂੰ ਮੁੱਖ ਰੱਖਦਿਆਂ ਇਕ ਚੇਤ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਅਤੇ ਗੁਰਮਤਿ ਸਾਮਗਮ ਕਰਵਾਏ ਜਾਂਦੇ ਹਨ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼ੋ੍ਰਮਣੀ ਕਮੇਟੀ ਦੇ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਵੀ ਮੌਜੂਦ ਸਨ।