ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਬੀਤੇ ਕੱਲ੍ਹ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਪੜਾਅ ਮਗਰੋਂ ਅੱਜ ਦੂਸਰੇ ਦਿਨ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ। ਇਥੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਸ. ਜੋਧ ਸਿੰਘ ਸਮਰਾ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਕੁਲਦੀਪ ਸਿੰਘ ਤੇੜਾ, ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਚਰਨ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਮੌਕੇ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਹਾਜ਼ਰੀ ਭਰੀ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ।ਗੁਰਦੁਆਰਾ ਗੁਰੂ ਕੇ ਬਾਗ ਵਿਖੇ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਅੰਮ੍ਰਿਤ ਵੇਲੇ ਤੋਂ ਸਜਾਏ ਗਏ ਦੀਵਾਨ ਅੰਦਰ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰ ਇਤਿਹਾਸ ਤੇ ਗੁਰਬਾਣੀ ਦੇ ਮੁੱਲਵਾਲ ਸਿਧਾਂਤਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਇਸ ਮੌਕੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਕਰਮਬੀਰ ਸਿੰਘ ਕਿਆਮਪੁਰ ਸਾਬਕਾ ਮੀਤ ਸਕੱਤਰ, ਸ. ਅਜੀਤ ਸਿੰਘ, ਭਾਈ ਬਲਕਾਰ ਸਿੰਘ ਅਜਨਾਲਾ, ਭਾਈ ਮਨਦੀਪ ਸਿੰਘ ਝੰਡੇਰ, ਭਾਈ ਸੁਖਰਾਜ ਸਿੰਘ ਆਦਿ ਹਾਜ਼ਰ ਸਨ। ਇਸੇ ਦੌਰਾਨ ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਤੋਂ ਅੱਗੇ ਵੱਖ ਵੱਖ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ ਵੱਖ ਨਗਰਾਂ ’ਚ ਸੰਗਤ ਨੇ ਸਵਾਗਤੀ ਗੇਟ ਬਣਾਏ ਹੋਏ ਸਨ ਅਤੇ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਹੈ, ਜਿਥੋਂ ਮੁੜ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਸੰਪੰਨ ਹੋਵੇਗਾ।