ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਿਰੋਪਾਓ ਦਿੱਤੇ ਗਏ।ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾ ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਲਖਬੀਰ ਸਿੰਘ ਡੋਗਰ ਇੰਚਾਰਜ, ਸ. ਸਤਿੰਦਰ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ, ਮੀਤ ਮੈਨੇਜਰ ਸ. ਮੋਹਣ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਜਸਪਾਲ ਸਿੰਘ, ਭਾਈ ਜੱਜ ਸਿੰਘ, ਸ. ਬਲਦੇਵ ਸਿੰਘ ਐਡੀ. ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਅੱਜ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾਂ ਸਾਹਿਬ ਭੇਟ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ