ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਵਿਚਾਰ ਜਾਣੇ ਅਤੇ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਵਿਖੇ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਦੀ ਜ਼ੁੰਮੇਵਾਰੀ ਹੋਰਨਾਂ ਨਾਲੋਂ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਵਿਚਾਰ-ਵਟਾਂਦਰਾਂ ਪ੍ਰਬੰਧਾਂ ਨੂੰ ਹੋਰ ਬੇਹਤਰ ਬਣਾਉਂਦਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਾਰਜਾਂ ਲਈ ਸੰਗਤਾਂ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਸੰਗਤ ਵੱਲੋਂ ਕਰਵਾਏ ਜਾਂਦੇ ਸ੍ਰੀ ਅਖੰਡਪਾਠ ਸਾਹਿਬ, ਪਾਲਕੀ ਸਾਹਿਬ ਦੀ ਸੇਵਾ, ਚੰਦੋਆ ਸਾਹਿਬ ਦੀ ਸੇਵਾ ਅਤੇ ਪਰਕਰਮਾਂ ਵਿਚ ਨਿਭਾਈਆਂ ਜਾਂਦੀਆਂ ਸੇਵਾਵਾਂ ਅਤਿ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪ੍ਰਬੰਧਾਂ ਵਿਚ ਲਾ-ਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਮੁੱਖ ਸਕੱਤਰ ਨੂੰ ਪ੍ਰਬੰਧਕੀ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਭਰੋਸਾ ਦਿੱਤਾ ਕਿ ਹਰ ਤਰ੍ਹਾਂ ਦੀਆਂ ਸੇਵਾਵਾਂ ਸੰਜੀਦਗੀ ਨਾਲ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਪ੍ਰਬੰਧ ਦਾ ਦਾਇਰਾ ਬਹੁਤ ਵਿਸ਼ਾਲ ਹੈ ਅਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕੀਤੇ ਜਾਣਗੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੈਨੇਜਰ ਸ. ਨਰਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਸ. ਗੁਰਾ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।