ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਸਿੱਖ ਧਰਮ ਦੀਆਂ ਪ੍ਰਾਪਤੀਆਂ ਬਾਰੇ ਜਾਣ ਕੇ ਹੋਏ ਪ੍ਰਭਾਵਿਤ
ਅੰਮ੍ਰਿਤਸਰ – ਇਕਵਾਡੋਰ ਦੇ ਭਾਰਤ ਵਿਚ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਤੋਇਆ, ਇੰਡੀਅਨ ਆਫ ਚੈਬਰ ਆਫ ਇੰਟਰਨੈਸ਼ਨਲ ਬਿਜ਼ਨੈਸ (ਆਈਸੀਆਈਬੀ) ਦੇ ਪ੍ਰੈਜੀਡੈਂਟ ਸ. ਮਨਪ੍ਰੀਤ ਸਿੰਘ ਨਾਗੀ ਤੇ ਪੰਜਾਬ ਕਨਵੀਨਰ ਸ. ਇਕਬਾਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਇਕਵਾਡੋਰ ਦੇ ਰਾਜਦੂਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਓਐਸਡੀ ਡਾ ਅਮਰੀਕ ਸਿੰਘ ਲਤੀਫਪੁਰ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਰਾਜਦੂਤ ਹੈਕਟਰ ਕੁਏਵਾ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਇਕਵਾਡੋਰ ਵਿਚ ਪੰਜਾਬੀ ਅਤੇ ਖਾਸਕਰ ਸਿੱਖ ਭਾਈਚਾਰੇ ਨੂੰ ਉਭਾਰਨ ਸਬੰਧੀ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਨੂੰ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦਿਆਂ ਦੇਸ਼ ਦੁਨੀਆਂ ਅੰਦਰ ਸਿੱਖਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਦੱਸਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜਦੂਤ ਨੂੰ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਲੋਕਤੰਤਰੀ ਸੰਸਥਾ ਹੋਣ ਨਾਤੇ ਪੂਰੇ ਵਿਸ਼ਵ ਦੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ ਅਤੇ ਜਿਥੇ ਵੀ ਸਿੱਖਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਪੈਂਦਾ ਹੈ, ਉਸ ਸਬੰਧੀ ਅਵਾਜ਼ ਉਠਾਉਂਦੀ ਹੈ। ਇਸ ਮੌਕੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਮੁਕੰਮਲ ਸ਼ਾਂਤੀ ਅਤੇ ਸ਼ੁੱਧੀ ਦਾ ਭਾਵ ਮਹਿਸੂਸ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਧਰਮ ਬਾਰੇ ਦਿੱਤੀ ਗਈ ਸੰਖੇਪ ਜਾਣਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਕਿਹਾ ਕਿ ਇਹ ਸੱਚਮੁੱਚ ਹੀ ਉਨ੍ਹਾਂ ਹੀ ਖਾਸ ਜਾਣਕਾਰੀ ਹੈ।ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਸਵਿੰਦਰ ਸਿੰਘ ਸਭਰਵਾਲ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁੱਖਾ ਸਿੰਘ ਆਦਿ ਮੌਜੂਦ ਸਨ।