ਸ਼ਰਧਾਲੂ ਵੀਜ਼ਾ ਲਗਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ। ਪਰੰਤੂ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਖਰਾ ਕੋਟਾ ਹੋਣ ਕਰਕੇ ਉਹ ਖੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿਸਤਾਨ ਜਾਣਾ ਚਾਹੁਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮੱਦਦ ਕਰੇਗੀ। ਇਸ ਕਾਰਜ ਲਈ ਕੁਰੂਕਸ਼ੇਤਰ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੂਨ 2021 ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਜਥਿਆਂ ਲਈ ਹਰਿਆਣਾ ਦੀਆਂ ਸੰਗਤਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾਉਣ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਖਾਲਸਾ ਸਾਜਣਾ ਦਿਵਸ ਵੈਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ।