ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ। ਇਹ ਤਿਉਹਾਰ ਪਾਕਿਸਤਾਨ ਵਿੱਚ ਐਤਵਾਰ ਤੇ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਟਵਿਟਰ ’ਤੇ ਟਵੀਟ ਕੀਤਾ,‘ਸਾਡੇ ਹਿੰਦੂ ਭਾਈਚਾਰੇ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ।’ ਕੌਮੀ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਸਮੇਤ ਕਈ ਹੋਰ ਆਗੂਆਂ ਨੇ ਵੀ ਹਿੰਦੂ ਸੰਸਦ ਮੈਂਬਰਾਂ ਅਤੇ ਭਾਈਚਾਰੇ ਦੇ ਲੋਕਾਂ ਨੂੰ ਇਸ ਮੌਕੇ ਮੁਬਾਰਕਬਾਦ ਦਿੱਤੀ। ਸ੍ਰੀ ਕੈਸਰ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਾਰੀਆਂ ਘੱਟ ਗਿਣਤੀਆਂ ਨੂੰ ਆਪਣੇ ਤਿਉਹਾਰ ਪੂਰੀ ਖੁੱਲ੍ਹ ਨਾਲ ਮਨਾਉਣ ਦਾ ਅਧਿਕਾਰ ਹੈ। ਇਸ ਦੌਰਾਨ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਆਪਣੇ ‘ਚੰਗੇ ਮਿੱਤਰ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਟਵਿੱਟਰ ’ਤੇ ਟਵੀਟ ਕਰਦਿਆਂ ਮੋਦੀ ਅਤੇ ਆਸਟਰੇਲੀਆ ਦੇ ਹਿੰਦੂ ਭਾਈਚਾਰੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।