ਪਿੰਡਾਂ ਵਿਚ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿਚ ਆਵੇਗੀ ਤੇਜ਼ੀ- ਰਜ਼ੀਆ ਸੁਲਤਾਨਾ
ਚੰਡੀਗੜ – ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 28 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਅਸਾਮੀਆਂ ਲਈ ਠੇਕੇ ‘ਤੇ ਭਰਤੀ ਕੀਤੇ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਤਰਫੋਂ ਨਿਯੁਕਤੀ ਪੱਤਰ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਸੌਂਪੇ। ਇਹ ਸਮਾਗਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਹਾਲੀ ਸਥਿਤ ਦਫਤਰ ਵਿਖੇ ਕੀਤਾ ਗਿਆ।ਇਕ ਸੰਦੇਸ਼ ਵਿਚ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਨਵ-ਨਿਯੁਕਤ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਤੋਂ ਇਲਾਵਾ ਨਵੀਂ ਭਰਤੀ ਕੀਤੇ ਗਏ 177 ਬੀ.ਆਰ.ਸੀ (ਬਲਾਕ ਰਿਸੋਰਸ ਕੋਆਰਡੀਨੇਟਰ), 20 ਸੀ.ਡੀ.ਐਸ (ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ) ਅਤੇ 16 ਆਈ.ਈ.ਸੀ (ਇੰਫਰਮੇਸ਼ਨ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਪੈਸ਼ਲਿਸਟ) ਨੂੰ ਵੀ ਕੰਟਰੈਕਟ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪਣ ਦੀ ਰਸਮ ਅਦਾ ਕੀਤੀ ਗਈ। ਇਨਾਂ ਦੀ ਨਿਯੁਕਤੀ ਹੋਣ ਨਾਲ ਪਿੰਡਾਂ ਵਿਚ ਪਾਣੀ ਦੀ ਸਪਲਾਈ ਅਤੇ ਸੈਨੀਟੇਸਨ ਨਾਲ ਸਬੰਧਤ ਗ੍ਰਾਮ ਪੰਚਾਇਤਾਂ, ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਮੈਂਬਰਾਂ, ਗ੍ਰਾਮ ਭਾਈਚਾਰੇ ਵਿੱਚ ਜਾਗਰੂਕਤਾ ਪੈਦਾ ਕਰਨ, ਵਿਕਾਸ ਤੇ ਸੰਚਾਰ ਗਤੀਵਿਧੀਆਂ ਅਤੇ ਸਮਾਜਿਕ ਅਤੇ ਆਈ.ਈ.ਸੀ ਨਾਲ ਸਬੰਧਤ ਮਹੱਤਵਪੂਰਣ ਕੰਮ ਕਰਨ ਵਿੱਚ ਤੇਜ਼ੀ ਆਵੇਗੀ।
ਇਸ ਮੌਕੇ ਵਿਭਾਗ ਮੁਖੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।