1 ਮਈ ਤੱਕ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਸੰਗਤਾਂ ਪੀਟੀਸੀ ਸਿਮਰਨ ਰਾਹੀਂ ਗੁਰਬਾਣੀ ਕੀਰਤਨ ਸਰਵਣ ਕਰਨਗੀਆਂ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀਟੀਸੀ ਚੈੱਨਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਅਨੰਦ ਸਾਹਿਬ ਦੇ ਪਾਠ ਮਗਰੋਂ ਭਾਈ ਰਾਜਦੀਪ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀਆਂ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਈ ਜਾਹੋ-ਜਲਾਲ ਨਾਲ 1 ਮਈ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਨੌਵੇਂ ਪਾਤਸ਼ਾਹ ਜੀ ਦੇ ਜਨਮ ਅਸਥਾਨ ਨਾਲ ਸੰਗਤਾਂ ਨੂੰ ਜੋੜਨ ਲਈ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਆਰੰਭ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਸਾਰਣ ਅੱਜ ਤੋਂ 1 ਮਈ 2021 ਤੱਕ ਸਵੇਰੇ 10 ਵਜੇ ਤੋਂ 12 ਵਜੇ ਤੀਕ ਸੰਗਤਾਂ ਪੀਟੀਸੀ ਸਿਮਰਨ ’ਤੇ ਸਰਵਣ ਕਰਨਗੀਆਂ। ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ 2 ਹਜ਼ੂਰੀ ਰਾਗੀ ਜਥੇ ਰੋਜ਼ਾਨਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਪ੍ਰੇਰਣਾ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਸਮੇਂ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਦੇ ਦਰਸ਼ਨ ਦੀਦਾਰੇ ਵੀ ਕਰਨ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਗਿਆਨੀ ਜਸਵਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ ਆਦਿ ਮੌਜੂਦ ਸਨ।