ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਆਈਜੀ ਸ. ਸੁਖਚੈਨ ਸਿੰਘ ਗਿੱਲ, ਐਸਡੀਐਮ ਸ੍ਰੀ ਵਿਕਾਸ ਹੀਰਾ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੋਰੋਨਾ ਮਹਾਮਾਰੀ ਅਤੇ ਚੌਗਿਰਦੇ ਦੀ ਸਾਫ਼ ਸਫ਼ਾਈ ਸਬੰਧੀ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਾਰਿਆਂ ਨੂੰ ਸਾਵਧਾਨੀ ਵਰਤਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਵੀ ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਮਾਸਕ ਪਹਿਨਣ, ਸੈਨੇਟਾਈਜ਼ਰ ਦੀ ਵਰਤੋਂ, ਸਫਾਈ ਦਾ ਧਿਆਨ ਰੱਖਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਰਸਤਿਆਂ ਅਤੇ ਚੌਗਿਰਦੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਇਸੇ ਦੌਰਾਨ ਡੀ.ਸੀ. ਸ. ਗੁਰਪ੍ਰੀਤ ਸਿੰਘ ਖਹਿਰਾ, ਆਈ. ਜੀ. ਸ. ਸੁਖਚੈਨ ਸਿੰਘ ਗਿੱਲ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।