ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਸੌਦੇ ਵਿੱਚ ਇਕ ਵਿਚੋਲੇ ਨੂੰ 11 ਲੱਖ ਯੂਰੋ (ਕਰੀਬ 9.5 ਕਰੋੜ ਰੁਪਏ) ਦਾ ਭੁਗਤਾਨ ਕੀਤੇ ਜਾਣ ਦੇ ਦਾਅਵੇ ਸੰਬੰਧੀ ਫਰਾਂਸੀਸੀ ਮੀਡੀਆ ਦੀ ਇਕ ਖ਼ਬਰ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਹੈ। ਉਹਨਾਂ ਕਿਹਾ ਕਿ ਵਿਅਕਤੀ ਜੋ ਕਰਮ ਕਰਦਾ ਹੈ, ਉਸ ਦਾ ਫ਼ਲ ਸਾਹਮਣੇ ਆ ਜਾਂਦਾ ਹੈ ਅਤੇ ਇਸ ਤੋਂ ਕੋਈ ਬਚ ਨਹੀਂ ਸਕਦਾ। ਉਨ੍ਹਾਂ ਨੇ ਟਵੀਟ ਕੀਤਾ,’ਕਰਮ- ਕਿਸੇ ਦੇ ਕੰਮਾਂ ਦਾ ਲੇਖਾ-ਜੋਖਾ। ਕੋਈ ਇਸ ਤੋਂ ਬਚ ਨਹੀਂ ਸਕਦਾ।’ਕਾਂਗਰਸ ਨੇ ਇਸ ਖ਼ਬਰ ਦਾ ਹਵਾਲਾ ਦਿੰਦਿਆਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ ਜਦੋਂਕਿ ਭਾਜਪਾ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਗਲਤ ਦੱਸਦੇ ਹੋਏ ਦੋਸ਼ ਲਗਾਇਆ ਸੀ ਕਿ ਮੁੱਖ ਵਿਰੋਧੀ ਪਾਰਟੀ ਸੁਰੱਖਿਆ ਫ਼ੋਰਸਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਫਰਾਂਸ ਦੇ ਇਕ ਸਮਾਚਾਰ ਪੋਰਟਲ ਨੇ ਆਪਣੇ ਨਵੇਂ ਖੁਲਾਸੇ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਇਸ ਰੁਖ ਨੂੰ ਸਹੀ ਸਾਬਿਤ ਕੀਤਾ ਹੈ ਕਿ ਰਾਫ਼ੇਲ ਜਹਾਜ਼ ਸੌਦੇ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ। ਇਸ ਤੇ ਪਲਟਵਾਰ ਕਰਦੇ ਹੋਏ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਦੋਸ਼ ਪੂਰੀ ਤਰ੍ਹਾਂ ਗਲਤ ਹੈ ਅਤੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਜਾਂਚ ਕਰਵਾਉਣ ਸੰਬੰਧੀ ਮੰਗ ਨੂੰ ਖਾਰਜ ਕਰ ਦਿੱਤਾ ਸੀ ਅਤੇ ਕੰਟਰੋਲਰ ਅਤੇ ਆਡੀਟਰ ਜਨਰਲ (ਸੀ.ਏ.ਜੀ.) ਨੇ ਇਸ ਵਿੱਚ ਕੁਝ ਗਲਤ ਨਹੀਂ ਪਾਇਆ ਸੀ।