ਸਾਰਾ ਸਾਲ ਚੱਲਣਗੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ-ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਕਿਰਨਜੋਤ ਕੌਰ, ਸ. ਚਮਕੌਰ ਸਿੰਘ ਡਾਇਰੈਕਟਰ ਅਤੇ ਕੋਆਰਡੀਨੇਟਰ ਸ. ਸਿਮਰਜੀਤ ਸਿੰਘ ਮੀਤ ਸਕੱਤਰ ਆਦਿ ਮੌਜੂਦ ਸਨ।ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 29, 30 ਅਪ੍ਰੈਲ ਅਤੇ 1 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਸ ਦੇ ਭੋਗ 1 ਮਈ ਨੂੰ ਪੈਣਗੇ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਸ ਦੌਰਾਨ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਸਿੰਘ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਅਨੰਦਪੁਰ ਸਾਹਿਬ ਪਹੁੰਚਣ ਸਮੇਂ ਭਾਈ ਜੈਤਾ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਲੈ ਕੇ ਆਉਣ ਵਾਲੇ ਭਾਈ ਕਿਰਪਾ ਰਾਮ ਨੂੰ ਯਾਦ ਕਰਦਿਆਂ ਇਕ ਸਮਾਗਮ ਕਸ਼ਮੀਰ ਵਿਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਵਿਚ ਸਕੂਲਾਂ ਕਾਲਜਾਂ ’ਚ ਸੈਮੀਨਾਰ, ਵਿਦਿਆਰਥੀਆਂ ਦੇ ਲੇਖਣੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸਹਿਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਬਾਰੇ ਸਲਾਈਡ ਸ਼ੌਅ ਵੀ ਕਰਵਾਏ ਜਾਣਗੇ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਪ੍ਰਸ਼ਨ ਉੱਤਰ ਮੁਕਾਬਲੇ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਵਿਸ਼ਵ ਵਿਆਪੀ ਕਾਨਫਰੰਸਾਂ ਵੀ ਕਰਵਾਈਆਂ ਜਾਣਗੀਆਂ। ਇਕੱਤਰਤਾ ’ਚ ਇਹ ਵੀ ਫੈਸਲਾ ਕੀਤਾ ਗਿਆ ਕਿ ਵਿਦੇਸ਼ਾਂ ਵਿਚ ਸਿੱਖ ਕਾਨਫਰੰਸ ਕਰਵਾਉਣ ਦੇ ਯਤਨ ਕੀਤੇ ਜਾਣਗੇ। ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਕਿਤਾਬਾਂ ਵੀ ਛਪਾਈਆਂ ਜਾਣਗੀਆਂ। ਇਸੇ ਤਰ੍ਹਾਂ ਲਾਈਟ ਐਂਡ ਸਾਊਂਡ ਸ਼ੌ ਅਤੇ ਨੁੱੱਕੜ ਨਾਟਕ ਕਰਵਾਉਣ ਦਾ ਵੀ ਫੈਸਲਾ ਹੋਇਆ। ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਭਾਈ ਜੈਤਾ ਜੀ, ਭਾਈ ਮੱਖਣ ਸ਼ਾਹ ਲੁਬਾਣਾ, ਭਾਈ ਲਖੀ ਸ਼ਾਹ ਵਣਜਾਰਾ ਅਤੇ ਹੋਰ ਸਿੱਖਾਂ ਨੂੰ ਸਮਰਪਿਤ ਕਰਵਾਏ ਜਾਣਗੇ। ਇਸ ਮੌਕੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ ਆਦਿ ਹਾਜ਼ਰ ਸਨ।