ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਰਵਾਨਗੀ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ, ਸ. ਪਰਮਜੀਤ ਸਿੰਘ ਚੰਡੋਕ, ਸ. ਅਮਰਜੀਤ ਸਿੰਘ ਪਿੰਕੀ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ, ਬਾਬਾ ਹਰੀ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਸ਼ਿੰਦਰ ਸਿੰਘ ਸਮੇਤ ਹੋਰਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ। ਰਵਾਨਗੀ ਸਮੇਂ ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੇ ਰਸਤੇ ਵਿਚ ਦਿੱਲੀ ਦੀਆਂ ਸੰਗਤਾਂ ਵੱਲੋਂ ਸਵਾਗਤੀ ਗੇਟ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਸ. ਕਰਤਾਰ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਜੱਸੀ, ਸ. ਧਰਮਿੰਦਰ ਸਿੰਘ, ਸ. ਬਲਬੀਰ ਸਿੰਘ, ਸ. ਮਨਦੀਪ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।