ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਪੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਨਣਾ ਸਾਡੇ ਲਈ ਮਾਨ ਵਾਲੀ ਗਲ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਧਰਮ ਦੀ ਅਜਾਦੀ ਤੇ ਮਨੁੱਖੀ ਹੱਕਾਂ ਲਈ ਸੀ ਅਤੇ ਗੁਰੂ ਜੀ ਦਾ ਜੀਵਨ ਮਨੁੱਖਤਾ ਨੂੰ ਏਕਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਪ੍ਰੋ. ਚੰਦੂਮਾਜਰਾ ਨੇ ਇਸ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਸਮਾਗਮਾਂ ਲਈ ਉਤਸ਼ਾਹ ਵਧਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਵੀਚਾਰ ਕਰਦਿਆਂ ਸੰਗਤ ਨੂੰ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਵੀ ਕੀਤੀ।ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਤੇ ਸ. ਚਰਨਜੀਤ ਸਿੰਘ ਕਾਲੇਵਾਲ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ। ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸਾਬਕਾ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਮੈਨੇਜਰ ਸ. ਰਜਿੰਦਰ ਸਿੰਘ ਟੌਹਰਾ, ਸ. ਨਿਰਮਲ ਸਿੰਘ ਗਾਜੀਨੰਗਲ, ਸ. ਰਣਜੀਤ ਸਿੰਘ, ਭਾਈ ਰਾਜਪਾਲ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।