ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਬਾਬਾ ਦਲਬਾਰ ਸਿੰਘ ਛੀਨੀਵਾਲ ਨੂੰ ਸ਼ਰਧਾਂਜਲੀ, ਬਾਅਦ ਦੁਪਹਿਰ ਦਫ਼ਤਰ ਰਹੇ ਬੰਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਬਾਬਾ ਦਲਬਾਰ ਸਿੰਘ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਦਲਬਾਰ ਸਿੰਘ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਬਾ ਦਲਬਾਰ ਸਿੰਘ ਧਾਰਮਿਕ ਖੇਤਰ ਵਿਚ ਲੰਮੇ ਅਰਸੇ ਤੋਂ ਕਾਰਜਸ਼ੀਲ ਸਨ। ਬੀਬੀ ਜਗੀਰ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਇਸੇ ਦੌਰਾਨ ਬਾਬਾ ਦਰਬਾਰ ਸਿੰਘ ਛੀਨੀਵਾਲ ਦੇ ਚਲਾਣਾ ਕਰ ਜਾਣ ’ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਪਾਠ ਮਗਰੋਂ ਅਰਦਾਸ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।ਸ਼ੋਕ ਸਭਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਮੌਜੂਦ ਸੀ। ਇਸੇ ਦੌਰਾਨ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ