ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਦਿੱਲੀ ਪੁੱਜਾ ਸੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਾਪਸ ਦਿੱਲੀ ਤੋਂ ਹਰਿਆਣਾ ਰਾਜ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਸੰਪੂਰਨ ਹੋਇਆ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿਚ ਆਉਣਾ ਸਾਡੀ ਖ਼ੁਸ਼ਕਿਸਮਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ। ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸਵਾਗਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਸ਼ਬਦ ਕੀਰਤਨ ਕਰਦਿਆਂ ਨਗਰ ਕੀਰਤਨ ’ਚ ਹਾਜ਼ਰੀ ਭਰੀ। ਉਹ ਗੁਰਦੁਆਰਾ ਸੀਸ ਗੰਜ ਸਾਹਿਬ ਤੱਕ ਸੰਗਤਾਂ ਨਾਲ ਸ਼ਬਦ ਪੜ੍ਹਦੇ ਹੋਏ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਹੁੰਮ-ਹੁਮਾ ਕੇ ਪਹੁੰਚਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਿੰ. ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਓਐਸਡੀ ਡਾ. ਸੁਖਬੀਰ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।