ਕਾਂਗਰਸ 2022 ਵਿੱਚ ਪੰਜਾਬ ਵਿੱਚ ਬਿਨਾਂ ਸ਼ੱਕ ਸਰਕਾਰ ਬਣਾਏਗੀ
ਚੰਡੀਗੜ – ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਦੱਸਦਿਆਂ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਜਦੋਂ ਦੇਸ਼ ਭਰ ਵਿੱਚ ਕੋਵਿਡ ਦੇ ਕੇਸ ਲਗਾਤਾਰ ਵਧ ਰਹੇ ਹਨ ਅਤੇ ਐਨ.ਡੀ.ਏ. ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਤਰਕਹੀਣ ਆਰਥਿਕ ਨੀਤੀਆਂ ਕਾਰਨ ਵਿੱਤੀ ਮੰਦੀ ਵਧ ਰਹੀ ਹੈ ਤਾਂ ਇਸ ਮੁਸ਼ਕਲ ਸਮੇਂ ਆਮ ਆਦਮੀ ਦੀ ਇੱਕੋ-ਇੱਕ ਉਮੀਦ ਰਾਹੁਲ ਗਾਂਧੀ ਹੀ ਹੈ।ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਦੀ ਮੰਗ ਹੈ ਅਤੇ ਇਸ ਦਿਸ਼ਾ ਵਿੱਚ ਜੋ ਕੁਝ ਕਰਨ ਦੀ ਲੋੜ ਹੈ, ਉਹ ਕੀਤਾ ਜਾਣਾ ਚਾਹੀਦਾ ਹੈ ਕਿਉਂ ਜੋ ਦੇਸ਼ ਨੂੰ ਮੋਦੀ ਸਰਕਾਰ ਦੇ ਮਾੜੇ ਪ੍ਰਬੰਧਨ ਤੋਂ ਰਾਹਤ ਦੇਣ ਦੀ ਲੋੜ ਹੈ। ਉਨਾਂ ਅੱਗੇ ਕਿਹਾ ਕਿ ਦੇਸ਼ ਨੂੰ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੀ ਵਚਨਬੱਧਤਾ ਨਾਲ ਧਰਮ ਨਿਰਪੱਖ ਸਰਕਾਰ ਦੀ ਲੋੜ ਹੈ ਕਿਉਂਕਿ ਮੌਜੂਦਾ ਸਰਕਾਰ ਸਿਰਫ਼ ਕਾਰਪੋਰੇਟ ਪੱਖੀ ਨੀਤੀਆਂ ’ਤੇ ਚੱਲ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਇੱਛਾ ਪ੍ਰਗਟਾਈ ਹੈ। ਉਨਾਂ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਨਜ਼ਰਅੰਦਾਜ਼ ਕਰ ਕੇ ਸਿਰਫ਼ ਧਾਰਮਿਕ ਸਥਾਨਾਂ ਦੀ ਉਸਾਰੀ ਵਰਗੀਆਂ ਗਲਤ ਨੀਤੀਆਂ ਦੇਸ਼ ਦੇ ਹਿੱਤ ਵਿੱਚ ਨਹੀਂ ਹਨ ਅਤੇ ਅਜਿਹੇ ਸਮੇਂ ਰਾਹੁਲ ਗਾਂਧੀ ਹੀ ਦੇਸ਼ ਨੂੰ ਸੇਧ ਦੇਣ ਯੋਗ ਹਨ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਕੌਮੀ ਅਖੰਡਤਾ ਅਤੇ ਸਮੁੱਚੇ ਵਿਕਾਸ ਲਈ ਕੰਮ ਕਰ ਰਹੀ ਹੈ।ਰਾਣਾ ਸੋਢੀ ਨੇ ਕਿਹਾ ਕਿ ਕਾਂਗਰਸ “ਮਜ਼ਬੂਤ ਅਤੇ ਅਗਾਂਹਵਧੂ” ਪਾਰਟੀ ਹੈ ਅਤੇ ਦੇਸ਼ ਵਿੱਚ ਸਿਆਸਤ ਦਾ ਮੁਹਾਂਦਰਾ ਬਦਲਣ ਦੀ ਪ੍ਰਕਿਰਿਆ ਵਿੱਚ ਲੱਗੀ ਹੋਈ ਹੈ। ਉਨਾਂ ਕਿਹਾ ਕਿ ਸਰਕਾਰ ਨੂੰ ਇਕ ਅੜੀਅਲ ਵਿਅਕਤੀ ਦੀ ਮਰਜ਼ੀ ਅਤੇ ਵਿਚਾਰਾਂ ਅਨੁਸਾਰ ਕੰਮ ਨਹੀਂ ਕਰਨਾ ਚਾਹੀਦਾ। ਰਾਜਨੀਤਕ ਵਿਸ਼ਲੇਸ਼ਕਾਂ ਨੇ ਵੀ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ “ਸਰਬੋਤਮ ਉਮੀਦਵਾਰ” ਦੱਸਿਆ ਹੈ।ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਭਾਜਪਾ ਦੀ “ਇਕੋ ਸ਼ਖ਼ਸ ਉਤੇ ਕੇਂਦਰਤ ਸਰਕਾਰ” ਕੌਮੀ ਹਿੱਤ ਲਈ ਨੁਕਸਾਨਦੇਹ ਹੈ ਅਤੇ 130 ਕਰੋੜ ਤੋਂ ਵੱਧ ਲੋਕਾਂ ਦਾ ਭਵਿੱਖ ਸਿਰਫ਼ ਅਜਿਹੀ ਸਿਆਸਤ ਨਾਲ ਹੀ ਸੁਰੱਖਿਅਤ ਹੋ ਸਕਦਾ ਹੈ, ਜਿਸ ਵਿੱਚ ਸਭ ਦੀ ਸ਼ਮੂਲੀਅਤ ਯਕੀਨੀ ਹੋਵੇ। ਉਨਾਂ ਕਿਹਾ ਕਿ ਕਾਂਗਰਸ ਇਕੱਲੀ ਇਕ ਅਜਿਹੀ ਸਿਆਸੀ ਜਮਾਤ ਹੈ, ਜਿਸ ਨੇ ਇਸ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਸੁਰੱਖਿਅਤ ਰੱਖਿਆ ਹੈ। ਉਨਾਂ ਅੱਗੇ ਕਿਹਾ ਕਿ ਭਾਰਤ ਵਰਗੇ ਜਮਹੂਰੀ ਮੁਲਕ ਨੂੰ ਇੱਕ ਅੜੀਅਲ ਵਿਅਕਤੀ ਦੇ ਵਿਚਾਰਾਂ ਅਤੇ ਅਨੁਮਾਨਾਂ ਮੁਤਾਬਕ ਨਹੀਂ ਚਲਾਇਆ ਜਾ ਸਕਦਾ।ਸਾਲ 2022 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦੀਆਂ ਸੰਭਾਵਨਾਵਾਂ ਬਾਰੇ ਗੱਲ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਾਰਟੀ ਬਿਨਾਂ ਸ਼ੱਕ ਸੂਬੇ ਵਿੱਚ ਸਰਕਾਰ ਬਣਾਏਗੀ ਕਿਉਂ ਜੋ ਐਮ.ਸੀ. ਚੋਣਾਂ ਦੀ ਜਿੱਤ ਦਰਸਾਉਂਦੀ ਹੈ ਕਿ ਸ਼ਹਿਰੀ ਸਮਾਜ ਦਾ ਹਰ ਵਰਗ ਸੂਬਾ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ। ਨਾ ਸਿਰਫ਼ ਸ਼ਹਿਰੀ, ਸਗੋਂ ਪੇਂਡੂ ਖੇਤਰਾਂ ਦੇ ਲੋਕ ਸਰਵਪੱਖੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਨਾਲ ਖੁਸ਼ ਹਨ, ਜਿਸ ਵਿੱਚ ਖੇਤੀ ਕਰਜ਼ੇ ਮੁਆਫ਼ ਕਰਨਾ, ਹਰ ਘਰ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ, ਸਾਰੀਆਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ, ਐਸ.ਸੀ./ ਬੀ.ਸੀ. ਨੌਜਵਾਨਾਂ ਦੇ ਸਵੈ ਰੁਜ਼ਗਾਰ ਵਾਲੇ ਕਰਜ਼ੇ ਮੁਆਫ਼ ਕਰਨਾ, ਪੰਚਾਇਤਾਂ ਅਤੇ ਯੂ.ਐਲ.ਬੀ. ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ, ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣਾ ਸ਼ਾਮਲ ਹੈ। ਉਨਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਐਮ.ਸੀ. ਚੋਣਾਂ ਵਿੱਚ ਵੱਡੀ ਜਿੱਤ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਦੀ ਅਗਵਾਈ ਵਿੱਚ ਭਾਰੀ ਵਿਸ਼ਵਾਸ ਦਰਸਾਉਂਦੀ ਹੈ। ਉਨਾਂ ਕਿਹਾ ਕਿ ਸਿਰਫ਼ ਕੈਪਟਨ ਅਮਰਿੰਦਰ ਸਿੰਘ ਹੀ ਸੂਬੇ ਨੂੰ ਅੱਗੇ ਲਿਜਾ ਸਕਦੇ ਹਨ ਅਤੇ ਪੰਜਾਬ ਵਿੱਚ ਸਮਾਜਿਕ ਅਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੇ ਸਮਰੱਥ ਹਨ।