ਅੰਮ੍ਰਿਤਸਰ,7 ਜੂਨ 2020 – ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਕੁਦਰਤੀ ਜਾਂ ਗੈਰ ਕੁਦਰਤੀ ਮੁਸੀਬਤ ‘ਚ ਫਸਣ ਵਾਲੇ ਲੋਕਾਂ ਦਾ ਦੁੱਖ ਵੰਡਾਉਣ ਲਈ ਸਭ ਤੋਂ ਪਹਿਲਾਂ ਪਹੁੰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਮਾੜੇ ਹਾਲਾਤਾਂ ਚੋਂ ਗੁਜ਼ਰ ਰਹੇ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਨੂੰ ਜਿੱਥੇ ਰਾਸ਼ਨ ਭੇਜਿਆ ਜਾ ਰਿਹਾ ਹੈ ਉੱਥੇ ਹੀ ਹੁਣ ਉਨ੍ਹਾਂ ਦੇ ਖਸਤਾਹਾਲ ਘਰਾਂ ਦੀ ਮੁਰੰਮਤ ਵੀ ਕਰਵਾ ਕੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਜਿਲ੍ਹਾ ਬੁਰਹਾਨਪੁਰ ਦੇ ਇੱਕ ਪਿੰਡ ‘ਚ ਰਹਿਣ ਵਾਲੇ ਸਿਕਲੀਗਰ ਸਿੱਖਾਂ ਦੇ ਇੱਕ ਆਗੂ ਰਾਹੁਲ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੇ ਖੇਤਰ ਦੇ ਪਹਿਲਾਂ ਹੀ ਆਰਥਿਕ ਮੰਦਹਾਲੀ ਚੋਂ ਗੁਜ਼ਰ ਰਹੇ ਬਹੁਤ ਸਾਰੇ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਕਰੋਨਾ ਕਾਰਨ ਪੈਦਾ ਹਾਲਾਤਾਂ ਨੇ ਝੰਜੋੜ ਕੇ ਰੱਖ ਦਿੱਤਾ ਹੈ,ਇੱਥੋਂ ਤੱਕ ਕਿ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ।
ਜਿਸ ਨੂੰ ਵੇਖਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਈ ਮਹੀਨੇ ਅੰਦਰ ਉੱਥੋਂ ਦੇ 150 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਸ਼ਨ ਪਹੁੰਚਣ ਉਪਰੰਤ ਜਦ ਉਨ੍ਹਾਂ ਕੋਲ ਉੱਥੋਂ ਦੀਆਂ ਵੀਡੀਓਜ਼ ਤੇ ਫੋਟੋਆਂ ਸਾਹਮਣੇ ਆਈਆਂ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਿਕਲੀਗਰ ਸਿੱਖਾਂ ਦੇ ਘਰ ਬਹੁਤ ਹੀ ਖਸਤਾ ਹਾਲਤ ‘ਚ ਹਨ।
ਜਦ ਉਨ੍ਹਾਂ ਇਸ ਸੰਬੰਧੀ ਪ੍ਰਧਾਨ ਰਾਹੁਲ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਇੱਥੇ ਰਹਿਣ ਵਾਲੇ 7 ਪਰਿਵਾਰਾਂ ਦੇ ਘਰਾਂ ਦੀਆਂ ਤਾਂ ਛੱਤਾਂ ਵੀ ਨਹੀਂ ਹਨ। ਜਿਸ ਨੂੰ ਵੇਖਦਿਆਂ ਤੁਰੰਤ ਟਰੱਸਟ ਵੱਲੋਂ 100 ਲੋਹੇ ਦੀਆਂ ਚਾਦਰਾਂ ਭੇਜ ਕੇ ਉਕਤ ਘਰਾਂ ਦੀ ਮੁਰੰਮਤ ਕਰਵਾ ਕੇ ਛੱਤਾਂ ਪਵਾ ਕੇ ਦਿੱਤੀਆਂ ਹਨ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਦਿਨਾਂ ‘ਚ ਕੋਈ ਮੁਸ਼ਕਿਲ ਨਾ ਆਵੇ।