ਜੈਪੁਰ – ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ ਕਰੋਨਾਵਾਇਰਸ ਤੋਂ ਬਚਾਅ ਲਈ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਵੈਕਸੀਨ ਦੀ ਡੋਜ਼ ਮੁਫ਼ਤ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਵੈਕਸੀਨ ਪਹਿਲੀ ਮਈ ਤੋਂ ਲਗਾਈ ਜਾਵੇਗੀ। ਸ੍ਰੀ ਗਹਿਲੋਤ ਨੇ ਕਿਹਾ ਕਿ ਇਸ ਕੰਮ ’ਤੇ ਸੂਬਾ ਸਰਕਾਰ ਵੱਲੋਂ ਕਰੀਬ 3,000 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਸ੍ਰੀ ਗਹਿਲੋਤ ਨੇ ਹਿੰਦੀ ਵਿਚ ਟਵੀਟ ਕੀਤਾ, ‘‘ਸੂਬਾ ਸਰਕਾਰ ਵੱਲੋਂ ਕਰੀਬ 3,000 ਰੁਪਏ ਖ਼ਰਚ ਕਰ ਕੇ ਰਾਜ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਕਰੋਨਾਵਾਇਰਸ ਤੋਂ ਬਚਾਅ ਲਈ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਚੰਗਾ ਹੋਵੇਗਾ ਜੇਕਰ ਸੂਬਿਆਂ ਦੀ ਮੰਗ ਅਨੁਸਾਰ 18 ਤੋਂ 45 ਸਾਲ ਤੱਕ ਦੇ ਲੋਕਾਂ ਦੇ ਵੈਕਸੀਨ ਲਾਉਣ ਦਾ ਖ਼ਰਚਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇ।’’ਇਸੇ ਦੌਰਾਨ ਰਾਜਸਥਾਨ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਕਿਹਾ ਕਿ ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਸ਼ੁਰੂ ਹੋ ਰਿਹਾ ਟੀਕਾਕਰਨ ਵੈਕਸੀਨ ਦੀ ਉਪਲੱਬਧਤਾ ’ਤੇ ਨਿਰਭਰ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਰਾਜ ਸਰਕਾਰ ਦੇ ਅਧਿਕਾਰੀ ਕੋਵੀਸ਼ੀਲਡ ਬਣਾਉਣ ਵਾਲੀ ਭਾਰਤੀ ਸੀਰਮ ਸੰਸਥਾ ਨਾਲ ਗੱਲ ਕਰਦੇ ਹਨ ਤਾਂ ਸੰਸਥਾ ਦੇ ਅਧਿਕਾਰੀ ਕਹਿੰਦੇ ਹਨ ਕਿ ਵੈਕਸੀਨ ਉਪਲੱਬਧ ਨਹੀਂ ਹੈ।